ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 24 ਜੂਨ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਣ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਟਰਾਂਸਪੋਟਰਾਂ ਨੇ ਇਥੇ ਇਕੱਠੇ ਹੋ ਕੇ 15 ਪ੍ਰਤੀਸ਼ਤ ਭਾੜਾ ਕਰਾਇਆ ਵਧਾਉਣ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਉਨ੍ਹਾਂ ਦੁਖ ਪ੍ਰਗਟ ਕੀਤਾ ਕਿ ਸਰਕਾਰਾਂ ਵਲੋਂ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਮਹਿੰਗਾਈ ਵਿਚ ਭਾਰੀ ਵਾਧਾ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਦਰ ਤੋਂ ਮੰਗ ਕੀਤੀ ਕਿ ਤੇਲ ਦੀਆਂ ਕੀਮਤਾਂ ਉਪਰ ਲਗਾਏ 45 ਪ੍ਰਤੀਸ਼ਤ ਵੈਟ ਨੂੰ ਘੱਟ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਆਪਣੇ ਹਿੱਸੇ ਦੇ ਵੈਟ ਵਿਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਐਸੋਸੀਏਸਨ ਦੇ ਪ੍ਰਧਾਨ ਗੁਰਦੀਪ ਸਿੰਘ ਮਦਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸੋਸੀਏਸ਼ਨ ਨੇ ਇਥੇ ਮੁੱਖ ਚੌਕ ’ਤੇ ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਧਰਨਾ ਦਿੱਤਾਸੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਜਬੂਰਨ 15 ਪ੍ਰਤੀਸ਼ਤ ਕਰਾਇਆ ਵਧਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੇਲ ਦੀਆਂ ਕੀਮਤਾਂ ’ਚ ਵਾਧਾ ਜਾਰੀ ਰਿਹਾ ਤਾਂ ਉਹ ਆਪਣੀਆਂ ਗੱਡੀਆਂ ਨੂੰ ਖੜ੍ਹੀਆਂ ਕਰਕੇ ਚਾਬੀਆਂ ਸਰਕਾਰ ਨੂੰ ਸੌਂਪ ਦੇਣਗੇ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਸੰਦੀਪ ਸਿੰਘ ਬੱਲ ਨੇ ਤੇਲ ਕੀਮਤਾਂ ਅਤੇ ਮਹਿੰਗਾਈ ਵਿਚ ਵਾਧੇ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਪ੍ਰਧਾਨ ਬਹਾਦਰ ਸਿੰਘ ਰਹਿਲ, ਸਕੱਤਰ ਭੁਪਿੰਦਰ ਸਿੰਘ ਸੰਧੂ, ਮਨਦੀਪ ਸਿੰਘ, ਹਰਮੋਹਨ ਸਿੰਘ, ਨਿਤੀਨ ਸੂਦ, ਬੂਟਾ ਸਿੰਘ, ਸੁਰਜੀਤ ਸਿੰਘ ਅਤੇ ਰਾਜਿੰਦਰ ਸਿੰਘ ਰਾਜੂ ਆਦਿ ਮੌਜੂਦ ਸਨ।