ਜਤਿੰਦਰ ਬੈਂਸ
ਗੁਰਦਾਸਪੁਰ, 1 ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨ ਜਾਗੀਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅੱਜ ਗੁਰਦਾਸਪੁਰ ਦੇ ਸਰਹੱਦੀ ਪਿੰਡ ਨਰਪੁਰ ਵਿੱਚ ਕਰਵਾਇਆ ਗਿਆ। ਕਿਸਾਨ ਜਾਗੀਰ ਸਿੰਘ ਦੀ ਦਿੱਲੀ ਮੋਰਚੇ ’ਚ ਸ਼ਮਾਲ ਹੋਣ ਲਈ ਜਾਂਦੇ ਸਮੇਂ ਰਸਤੇ ਵਿੱਚ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ ਸੀ।
ਇਸ ਮੌਕੇ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਰੱਦ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਸ਼ਰਧਾਂਜਲੀ ਸਮਾਰੋਹ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪੁੱਜੇ ਕਿਸਾਨ ਆਗੂਆਂ ਨੇ ਸ਼ਹੀਦ ਕਿਸਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਐਲਾਨ ਕੀਤਾ ਕਿ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਤਹਿਸੀਲਦਾਰ ਨੇ ਪੀੜਤ ਪਰਿਵਾਰ ਨੂੰ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ।
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
ਭੀਖੀ (ਪੱਤਰ ਪ੍ਰੇਰਕ): ਪਿੰਡ ਕਿਸ਼ਨਗੜ੍ਹ ਫਰਵਾਹੀ ਦੇ ਇੱਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਜਗਸੀਰ ਸਿੰਘ(29) ਪੁੱਤਰ ਜਗਰੂਪ ਸਿੰਘ ਨਾਂਮਾਤਰ ਜ਼ਮੀਨ ’ਤੇ ਖੇਤੀ ਕਰਦਾ ਸੀ ਤੇ ਹਾਲੇ ਅਣਵਿਆਹਿਆ ਸੀ। ਉਹ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਅੱਜ ਉਸ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।