ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ਮੋਗਾ, 7 ਅਕਤੂਬਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਇੱਥੇ ਮੋਗਾ ਰੀਗਲ ਸਿਨੇਮਾ ਗੋਲੀ ਕਾਂਡ ਦੀ 50ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪੀਐੱਸਯੂ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ, ਬਲਜੀਤ ਸਿੰਘ ਧਰਮਕੋਟ, ਧੀਰਜ ਕੁਮਾਰ, ਦਰਸ਼ਨ ਖਟਕੜ, ਨਿਰਭੈ ਸਿੰਘ ਢੁੱਡੀਕੇ ਅਤੇ ਕੰਵਲਜੀਤ ਖੰਨਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਬੁਲਾਰਿਆਂ ਨੇ ਭਾਜਪਾ ਦੇ ਫਾਸ਼ੀਵਾਦੀ ਹਮਲਿਆਂ ਅਤੇ ਕੇਂਦਰੀਕਰਨ ਦੇ ਹੱਲੇ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਦੇਸ਼ ’ਤੇ ਫਾਸ਼ੀਵਾਦੀ ਹਮਲੇ ਕਰਨ ਵਾਲੀ ਸਰਕਾਰ ਦੱਸਿਆ। ਇਸ ਦੌਰਾਨ ਉਨ੍ਹਾਂ ਰੀਗਲ ਸਿਨੇਮਾ ਅਤੇ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੇ ਗੁਪਤ ਟਿਕਾਣੇ ਨੂੰ ਵਿਰਾਸਤੀ ਇਮਾਰਤਾਂ ਦਾ ਦਰਜਾ ਦੇਣ, ਪੰਜਾਬ ਦੇ ਹੱਕ ਬਹਾਲ ਕਰਨ, ਨਵੀਂ ਸਿੱਖਿਆ ਨੀਤੀ ਲਾਗੂ ਕਰਕੇ ਸਿੱਖਿਆ ਦਾ ਭਗਵਾਂਕਰਨ ਕਰਨਾ ਬੰਦ ਕਰਨ ਅਤੇ ਜੇਲ੍ਹਾਂ ’ਚ ਬੰਦ ਸਿਆਸੀ ਕੈਦੀਆਂ, ਬੁੱਧੀਜੀਵੀਆਂ, ਲੇਖਕਾਂ ਤੇ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।