ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 26 ਦਸੰਬਰ
ਕਿਸਾਨ ਸੰਘਰਸ਼ ਵਿੱਚ ਹਿੱਸਾ ਲੈਣ ਲਈ 15 ਦਸੰਬਰ ਨੂੰ ਦਿੱਲੀ ਜਾਂਦਿਆਂ ਸੜਕ ਹਾਦਸੇ ਦੌਰਾਨ ਫ਼ੌਤ ਹੋਏ ਪਿੰਡ ਥਾਣਾ ਦੇ ਗੁਰਜਿੰਦਰ ਸਿੰਘ ਨੂੰ ਅੱਜ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਿੰਦਰ ਸਿੰਘ ਬੈਂਸ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਹੋਰ ਬੁਲਾਰਿਆਂ ਨੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਅਤੇ ਨੌਜਵਾਨ ਪੀੜ੍ਹੀ ਨੂੰ ਸੰਘਰਸ਼ ਦੇ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦਿੱਲੀ ਵੱਲ ਕੂਚ ਕਰਨ ਲਈ ਪ੍ਰੇਰਿਆ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਹਰਸ਼ਰਨ ਸਿੰਘ ਭਾਤਪੁਰੀ ਨੇ ਵੀ ਜਥੇਬੰਦੀ ਵੱਲੋਂ ਸਹਾਇਤਾ ਕਰਨ ਦਾ ਐਲਾਨ ਕੀਤਾ।
ਵਿਧਾਇਕ ਮੰਗੂਪੁਰ ਵੱਲੋਂ ਕਿਸਾਨ ਗੁਰਪ੍ਰੀਤ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ
ਬਲਾਚੌਰ (ਸੁਭਾਸ਼ ਜੋਸ਼ੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੁੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਪਿੰਡ ਮੱਕੋਵਾਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਅੱਜ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸ਼ਰਧਾਂਜਲੀ ਭੇਟ ਕੀਤੀ। ਪਿੰਡ ਜੱਬਾ ਵਿੱਚ ਹੋਏ ਇਸ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਖੜ੍ਹੀ ਹੈ। ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।