ਸੁੱਚਾ ਸਿੰਘ ਧਾਰੀਵਾਲ/ਜਤਿੰਦਰ ਬੈਂਸ
ਧਾਰੀਵਾਲ/ਗੁਰਦਾਸਪੁਰ, 25 ਜੂਨ
ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਵਡਾਲਾ ਬਾਂਗਰ (ਕਲਾਨੌਰ) ਨੇੜੇ ਭੰਗੂ ਫਾਰਮ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ, ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸ਼ਾਮਿਲ ਹੋਏ ਤੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ।
ਸ੍ਰੀ ਜਾਖੜ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਪੂਰੇ ਪਰਿਵਾਰ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਇਸ ਮਹਾਨ ਸਪੂਤ ਨੂੰ ਜਨਮ ਦਿੱਤਾ। ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦਿੱਤੇ ਜਾਣਗੇ, ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ (ਐਕਸ ਗਰੇਸ਼ੀਆਂ ਗਰਾਂਟ) ਦਿੱਤਾ ਜਾਵੇਗਾ ਅਤੇ ਸ਼ਹੀਦ ਦੀ ਪਤਨੀ ਨੂੰ ਮਕਾਨ ਬਣਾਉਣ ਲਈ 5 ਲੱਖ ਰੁਪਏ ਦਿੱਤੇ ਜਾਣਗੇ।
ਮੰਤਰੀ ਬਾਜਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂ ’ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ ਤੇ 5 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ।
ਢੀਂਡਸਾ ਵੱਲੋਂ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ
ਘਨੌਰ (ਪੱਤਰ ਪ੍ਰੇਰਕ): ਚੀਨ ਦੀ ਲੱਦਾਖ ਸਰਹੱਦ ’ਤੇ ਗਲਵਾਨ ਘਾਟੀ ਵਿਚ ਲੰਘੇ ਦਿਨੀਂ ਸ਼ਹੀਦ ਹੋਏ ਇਸ ਖੇਤਰ ਦੇ ਜੰਮਪਲ ਨਾਇਬ ਸੂਬੇਦਾਰ ਮਨਦੀਪ ਸਿੰਘ ਸੀਲ ਦੇ ਪਰਿਵਾਰ ਨਾਲ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਟਕਸਾਲੀ ਅਕਾਲੀ ਆਗੂ ਗੁਰਸੇਵ ਸਿੰਘ ਹਰਪਾਲਪੁਰ ਅਤੇ ਰਣਧੀਰ ਸਿੰਘ ਰੱਖੜਾ ਨੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਵਿਸ਼ਵਾਸ ਦੁਆਇਆ। ਸ੍ਰੀ ਢੀਂਡਸਾ ਨੇ ਆਖਿਆ ਕਿ ਸ਼ਹੀਦ ਮਨਦੀਪ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਸ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵੀ ਅਕਾਲੀ ਦਲ ਦੇ ਰਾਹ ’ਤੇ ਚੱਲ ਕੇ ਪੰਜਾਬ ਦਾ ਵੱਡਾ ਨੁਕਸਾਨ ਕਰ ਰਹੀ ਹੈ। ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਪੰਜਾਬ ਹਿਤੈਸ਼ੀਆਂ ਨੂੰ ਇਕੱਠਾ ਕਰਕੇ 15 ਜੁਲਾਈ ਤੱਕ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਜਾਵੇਗਾ।