ਗੁਰਨਾਮ ਸਿੰਘ ਅਕੀਦਾ
ਪਟਿਆਲਾ, 9 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਭਗਵੰਤ ਮਾਨ ਨੇ ਆਖਿਆ ਕਿ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਦਾ ਫ਼ਲ ਭਲਕੇ ਚੋਣ ਨਤੀਜੇ ਦੱਸਣਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਉਹ 80 ਤੋਂ ਵੱਧ ਸੀਟਾਂ ਜਿੱਤਣਗੇ ਅਤੇ ਇਹ ਗਿਣਤੀ ਸੌ ਤੋਂ ਪਾਰ ਹੋ ਸਕਦੀ ਹੈ। ਉਨ੍ਹਾਂ ਆਖਿਆ ਕਿ ਐਗਜ਼ਿਟ ਪੋਲਜ਼ ਨੇ ਸਭ ਕੁਝ ਸਾਫ ਕਰ ਦਿੱਤਾ ਹੈ ਜਿਸ ਨੂੰ ਕਾਂਗਰਸ ਤੇ ਭਾਜਪਾ ਨੇ ਪ੍ਰਵਾਨ ਕਰ ਲਿਆ ਹੈ ਪਰ ਸੁਖਬੀਰ ਸਿੰਘ ਬਾਦਲ ਸੱਚ ਤੋਂ ਮੂੰਹ ਫੇਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ‘ਆਪ’ ਉੱਤੇ ਭਰੋਸਾ ਕਰਕੇ ਵੱਡਾ ਚਮਤਕਾਰ ਕਰ ਦਿੱਤਾ ਹੈ। ਉਹ ਅੱਜ ਇੱਥੇ ਮਹਿੰਦਰਾ ਕਾਲਜ ਸਥਿਤ ਪਟਿਆਲਾ ਸ਼ਹਿਰੀ ਹਲਕੇ ਦੀਆਂ ਈਵੀਐੱਮਜ਼ ਦੇ ਸਟਰਾਂਗ ਰੂਮ ਦਾ ਦੌਰਾ ਕਰਨ ਆਏ ਸਨ। ਇਸ ਸੀਟ ’ਤੇ ਸਾਰੇ ਪੰਜਾਬੀਆਂ ਦੀਆਂ ਨਜ਼ਰਾਂ ਹਨ।
ਸ੍ਰੀ ਮਾਨ ਨੇ ਕਿਹਾ, ‘‘ਜੇਕਰ ਸੁਖਬੀਰ ਨੂੰ ਐਗਜ਼ਿਟ ਪੋਲ ’ਤੇ ਭਰੋਸਾ ਨਹੀਂ ਹੈ ਤਾਂ ਇਸ ਵਿੱਚ ਆਮ ਲੋਕ ਕੀ ਕਰ ਸਕਦੇ ਹਨ। ਪੰਜਾਬ ਦੇ ਲੋਕਾਂ ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸੂਬੇ ਦੀ ਵਾਗਡੋਰ ਫ਼ਤਵਾ ‘ਆਪ’ ਨੂੰ ਦੇ ਦਿੱਤਾ ਹੈ, ਜੋ ਸੁਖਬੀਰ ਬਾਦਲ ਨੂੰ ਹਜ਼ਮ ਨਹੀਂ ਹੋ ਰਿਹਾ।’’ ਉਨ੍ਹਾਂ ਮੁਤਾਬਕ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕਰ ਦਿੱਤਾ ਹੈ। ਅੱਜ ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਹੈ। ਭ੍ਰਿਸ਼ਟਾਚਾਰ, ਮਾਫ਼ੀਆ ਰਾਜ ਅਤੇ ਪੰਜਾਬ ਦੀ ਜਵਾਨੀ ਨੂੰ ਖੋਖਲੇ ਕਰ ਰਹੇ ਕਥਿਤ ਨਸ਼ਿਆਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ, ਕਿਉਂਕਿ ਬਾਦਲ ਪਰਿਵਾਰ ਤੇ ਕਾਂਗਰਸ ਸੂਬੇ ’ਚ ਵਿੱਚ ਵਾਰੋ-ਵਾਰੀ ਰਾਜ ਕਰਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ।
ਭਗਵੰਤ ਮਾਨ ਦੀ ਸੁਰੱਖਿਆ ਵਧਾਈ
ਚੰਡੀਗੜ੍ਹ (ਆਤਿਸ਼ ਗੁਪਤਾ): ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ‘ਆਪ’ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੰਗਰੂਰ ਸਥਿਤ ਉਨ੍ਹਾਂ ਦੇ ਘਰ ਅੱਗੇ ਵੀ ਪੁਲੀਸ ਵੱਲੋਂ ਬੈਰੀਕੇਡਿੰਗ ਕਰਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਗਏ ਹਨ। ਹਾਲਾਂਕਿ ਹਾਲੇ ਇਸ ਬਾਰੇ ਕਿਸੇ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਬੁੱਧਵਾਰ ਨੂੰ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਗਿਣਤੀ ਕੇਂਦਰਾਂ ਵਿੱਚ ਮਸ਼ੀਨਾਂ ਦੀ ਦੇਖਭਾਲ ਲਈ ਕੀਤੇ ਦੌਰੇ ਦੌਰਾਨ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਨਾਲ ਤੁਰਦੇ ਦਿਖਾਈ ਦਿੱਤੇ। ‘ਆਪ’ ਦਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਹੋਣ ਕਰਕੇ ਵੀ ਪੰਜਾਬ ਪੁਲੀਸ ਨੇ ਭਗਵੰਤ ਮਾਨ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੋਈ ਸੀ ਪਰ ਵੱਡੀ ਗਿਣਤੀ ਵਿੱਚ ‘ਆਪ’ ਹਮਾਇਤੀਆਂ ਦੇ ਪਹੁੰਚਣ ਦੀ ਸੰਭਾਵਨਾ ਤਹਿਤ ਵੀ ਪੰਜਾਬ ਸਰਕਾਰ ਨੇ ਕੋਠੀ ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਪੁਲੀਸ ਨੇ ਘਰ ਤੋਂ ਕੁਝ ਦੁਰੀ ’ਤੇ ਬੈਰੀਕੇਡਿੰਗ ਕਰਕੇ ਮੈਟਲ ਡਿਟੈਕਟਰ ਲਗਾਏ ਹੋਏ ਹਨ। ਪਾਰਟੀ ਵੱਲੋਂ ਵੀ ਸੰਗਰੂਰ ਸਥਿਤ ਭਗਵੰਤ ਮਾਨ ਦੀ ਰਿਹਾਇਸ਼ ’ਤੇ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਗੌਰਤਲਬ ਹੈ ਕਿ ਭਗਵੰਤ ਮਾਨ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ਹਨ ਤੇ ਉਨ੍ਹਾਂ ਵਿਰੁਧ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਚੰਦ ਗਰਗ ਤੇ ਭਾਜਪਾ ਗਠਜੋੜ ਤੋਂ ਰਣਦੀਪ ਸਿੰਘ ਦਿਉਲ ਚੋਣ ਮੈਦਾਨ ’ਚ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਵਿੱਚ ਵੀ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਹਨ।