ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਨਵੰਬਰ
ਜ਼ਿਲ੍ਹਾ ਦਿਹਾਤੀ ਪੁਲੀਸ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਨਾਗ ਕਲਾਂ ਵਿੱਚ ਹੋਈ ਬੈਂਕ ਡਕੈਤੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਖਿਡੌਣਾ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ।
ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰਵਨੀਤ ਸਿੰਘ ਅਤੇ ਅਭੈ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਬੈਂਕ ਵਿੱਚੋਂ ਲੁੱਟੇ 5 ਲੱਖ 12,500 ਰੁਪਏ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਜੇ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਪੁਲੀਸ ਵੱਲੋਂ ਉਸ ਖਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਐੱਸਐੱਸਪੀ ਨੇ ਦੱਸਿਆ ਕਿ 29 ਅਕਤੂਬਰ ਨੂੰ ਬੈਂਕ ਦੀ ਸ਼ਾਖਾ ਵਿੱਚ ਦੋ ਅਣਪਛਾਤੇ ਵਿਅਕਤੀ ਆਏ ਸਨ । ਇਸ ਮੌਕੇ ਉਨ੍ਹਾਂ ਵੱਲੋਂ ਪਿਸਤੌਲ ਦਿਖਾ ਕੇ 6 ਲੱਖ 25 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਗਰੋਂ ਬ੍ਰਾਂਚ ਮੈਨੇਜਰ ਵੱਲੋਂ ਇਸ ਬਾਰੇ ਸਥਾਨਕ ਪੁਲੀਸ ਨੂੰ ਸੂਚਨਾ ਦਿੱਤੀ ਗਈ ਸੀ। ਸਥਾਨਕ ਪੁਲੀਸ ਨੇ ਮੌਕੇ ’ਤੇ ਜਾ ਕੇ ਇਸ ਘਟਨਾ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਗਰੋਂ ਪੁਲੀਸ ਨੇ ਇਸ ਸਬੰਧੀ ਕਈ ਪੱਖਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲੀਸ ਨੇ ਇਸ ਸਬੰਧੀ ਸੀਸੀਟੀਵੀ ਕੈਮਰੇ ਵੀ ਖੰਗਾਲੇ ਸਨ ਅਤੇ ਘਟਨਾ ਨੇੜਲੇ ਖੇਤਰ ਦੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਗਰੋਂ ਉੱਚ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਇਸ ਸਬੰਧੀ ਕਈ ਪੁਲੀਸ ਮੁਲਾਜ਼ਮਾਂ ਨਾਲ ਸਬੰਧਤ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਮੁਲਜ਼ਮਾਂ ਦੀ ਭਾਲ ਲਈ ਕਈ ਥਾਈਂ ਛਾਪੇ ਮਾਰੇ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਹੀ ਵਾਰਦਾਤ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।