ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 2 ਨਵੰਬਰ
ਥਾਣਾ ਸਰਹਿੰਦ ਅਤੇ ਥਾਣਾ ਮੂਲੇਪੁਰ ਦੇ ਖੇਤਰ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ 2 ਔਰਤਾਂ ਜ਼ਖ਼ਮੀ ਹੋ ਗਈਆਂ ਹਨ। ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਨਰਾਇਣ ਸਿੰਘ ਵਾਸੀ ਅਤਾਪੁਰ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਚਨਾਰਥਲ ਖੁਰਦ ਨਜ਼ਦੀਕ ਤੇਜ਼ ਰਫ਼ਤਾਰ ਕੰਬਾਈਨ ਚਾਲਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧ ਵਿਚ ਮ੍ਰਿਤਕ ਦੇ ਚਚੇਰੇ ਭਰਾ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕੰਬਾਈਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸੇ ਤਰ੍ਹਾਂ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦੋਂ ਕਿ 2 ਔਰਤਾਂ ਜ਼ਖ਼ਮੀ ਹੋ ਗਈਆਂ। ਸਹਾਇਕ ਥਾਣੇਦਾਰ ਜਸਮੇਰ ਸਿੰਘ ਨੇ ਦਸਿਆ ਕਿ ਸਰਹਿੰਦ-ਭਾਦਸੋ ਰੋਡ ’ਤੇ ਪਿੰਡ ਸੌਢਾ ਨਜ਼ਦੀਕ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਚਾਲਕ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਹਾਦਸੇ ’ਚ ਗਗਨਦੀਪ ਕੌਰ ਤੇ ਹਰਮਨਜੋਤ ਕੌਰ ਵੀ ਜ਼ਖਮੀ ਹੋਈਆਂ ਹਨ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਮੋਟਰਸਾਈਕਲ ਦੀ ਲਪੇਟ ਵਿੱਚ ਆ ਕੇ ਔਰਤ ਹਲਾਕ
ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੀ ਮੁਬਾਰਕਪੁਰ ਰਾਮਗੜ੍ਹ ਸੜਕ ’ਤੇ ਸਥਿਤ ਪਿੰਡ ਦਫਰਪੁਰ ਕੋਲ ਇਕ ਸੜਕ ਹਾਦਸੇ ਵਿੱਚ ਇਕ 33 ਸਾਲਾ ਦੀ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮੰਜੂ ਪਤਨੀ ਵਤਰੂ ਵਾਸੀ ਪਿੰਡ ਦਫਰਪੁਰ ਦੇ ਰੂਪ ਵਿੱਚ ਹੋਈ ਹੈ। ਏਐੱਸਆਈ ਜਗਤਪਾਲ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਦੋ ਵਜੇ ਦੇ ਕਰੀਬ ਔਰਤ ਆਪਣੇ ਘਰ ਤੋਂ ਮੇਨ ਸੜਕ ’ਤੇ ਸਥਿਤ ਇਕ ਦੁਕਾਨ ’ਤੇ ਸਾਮਾਨ ਲੈਣ ਲਈ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਸੜਕ ’ਤੇ ਪਹੁੰਚੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਸੜਕ ਹਾਦਸੇ ਦੌਰਾਨ ਪਤੀ-ਪਤਨੀ ਜ਼ਖ਼ਮੀ
ਚੰਡੀਗੜ੍ਹ(ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੇ ਰਾਏਪੁਰ ਕਲਾਂ ਬੈਰੀਅਰ ਦੇ ਨਜ਼ਦੀਕ ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਵੱਜਣ ਕਰਕੇ ਪਤੀ-ਪਤਨੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੰਚਕੂਲਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੈਕਟਰ-9 ਪੰਚਕੂਲਾ ਵਿੱਚ ਰਹਿਣ ਵਾਲੀ ਪੀੜਤ ਔਰਤ ਦੀ ਸ਼ਿਕਾਇਤ ’ਤੇ ਐਕਟਿਵਾ ਸਵਾਰ ਰਿੰਕੂ ਵਾਸੀ ਰਾਏਪੁਰ ਕਲਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਆਪਣੇ ਪਤੀ ਨਾਲ ਪੈਦਲ ਜਾ ਰਹੀ ਸੀ, ਜਦੋਂ ਇਹ ਰਾਏਪੁਰ ਕਲਾਂ ਬੈਰੀਅਰ ’ਤੇ ਪਹੁੰਚੀ ਤਾਂ ਮੁਲਜ਼ਮ ਨੇ ਤੇਜ਼ ਰਫ਼ਤਾਰ ਸਕੂਟਰੀ ਨਾਲ ਉਨ੍ਹਾਂ ਵਿੱਚ ਟੱਕਰ ਮਾਰੀ। ਇਸ ਦੌਰਾਨ ਉਸ ਦੇ ਪਤੀ ਦੇ ਕਾਫੀ ਸੱਟਾਂ ਵੱਜੀਆਂ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪੰਚਕੂਲਾ ਵਿੱਚ ਭਰਤੀ ਕਰਵਾਇਆ ਗਿਆ, ਜਦੋਂ ਕਿ ਉਸ ਦੇ ਵੀ ਮਾਮੂਲੀ ਸੱਟਾਂ ਵਜੀਆਂ ਸਨ।