ਪੱਤਰ ਪ੍ਰੇਰਕ
ਜਲੰਧਰ, 25 ਜੂਨ
ਗਰਮੀ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਸ਼ਹਿਰ ਵਿੱਚ ਗਰਮੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਟਰਾਂਸਪੋਰਟ ਨਗਰ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਅਤੇ ਸਨਅਤੀ ਖੇਤਰ ਵਿੱਚ ਇੱਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਨੇ ਦੋਵਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਪੁਲੀਸ ਨੇ ਦੋਵੇਂ ਲਾਸ਼ਾਂ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਲਾਸ਼ਾਂ ਦੀ ਪਛਾਣ ਨਾ ਹੋਣ ’ਤੇ ਪੁਲੀਸ ਨਗਰ ਨਿਗਮ ਦੀ ਮਦਦ ਨਾਲ ਅੰਤਿਮ ਸੰਸਕਾਰ ਕਰੇਗੀ।
ਸਵੇਰੇ ਟਰਾਂਸਪੋਰਟ ਨਗਰ ਵਿੱਚ ਇੱਕ 70 ਸਾਲਾ ਵਿਅਕਤੀ ਦੀ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ 8 ਦੇ ਤਫਤੀਸ਼ੀ ਅਫਸਰ ਬਲਜੀਤ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਇਸੇ ਤਰ੍ਹਾਂ ਪੁਲੀਸ ਨੂੰ ਇੰਡਸਟਰੀਅਲ ਏਰੀਆ ਗਲੀ ਨੰਬਰ 1 ਟਰਾਂਸਪੋਰਟ ਨਗਰ ਤੋਂ ਇਕ 40-45 ਸਾਲ ਦੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ੍ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਅਧਿਕਾਰੀ ਨੇ ਕਿਹਾ ਹੈ ਕਿ ਦੋਵਾਂ ਦੀ ਮੌਤ ਗਰਮੀ ਕਾਰਨ ਹੋਈ ਹੈ।
ਗਰਮੀ ਕਾਰਨ ਨੌਜਵਾਨ ਦੀ ਮੌਤ
ਕਾਦੀਆਂ (ਪੱਤਰ ਪ੍ਰੇਰਕ): ਘਰੇਲੂ ਸਾਮਾਨ ਲੈਣ ਲਈ ਕਾਦੀਆਂ ਆਏ ਨੌਜਵਾਨ ਦੀ ਗਰਮੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੀਤ ਸਿੰਘ ਪੁੱਤਰ ਊਧਮ ਸਿੰਘ ਵਾਸੀ ਪੰਡੋਰੀ ਮਈਆ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਜਿੰਦਰ ਸਿੰਘ ਉਰਫ਼ ਜਿੰਦਾ (35) ਆਪਣੇ ਘਰ ਤੋਂ ਕਾਦੀਆਂ ਕਸਬੇ ਵਿੱਚ ਘਰੇਲੂ ਸਾਮਾਨ ਲੈਣ ਲਈ ਆਇਆ ਹੋਇਆ ਸੀ। ਉਨ੍ਹਾਂ ਨੂੰ ਸਾਬਕਾ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਕਾਦੀਆਂ ਤੋਂ ਉਨ੍ਹਾਂ ਨੂੰ ਫ਼ੋਨ ਆਇਆ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਰਾਮਪੁਰ ਰੋਡ ਕਾਦੀਆਂ ਨੇੜੇ ਸਥਿਤ ਸ਼ਮਸ਼ਾਨਘਾਟ ਵਿੱਚ ਪਈ ਮਿਲੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਮੌਤ ਸਖ਼ਤ ਗਰਮੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।