ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਸਤੰਬਰ
ਸਥਾਨਕ ਪੁਲੀਸ ਨੇ ਦੋ ਨੌਜਵਾਨਾਂ ਨੂੰ ਦੋ ਪਿਸਤੌਲ ਤੇ 4 ਕਾਰਤੂਸਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਤੇ ਸਨੀ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਵੱਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਿਰਮਲਾ ਸੀਤਾਰਾਮਨ ਦੀ ਆਮਦ ਕਰ ਕੇ ਵੀਵੀਆਈਪੀ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-25 ਰੈਲੀ ਗਰਾਊਂਡ ਵਿੱਚ ਛਾਪਾਮਾਰੀ ਕਰ ਕੇ ਉਕਤ ਮੁਲਜ਼ਮਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਦੋ ਪਿਸਤੌਲ ਤੇ 4 ਕਾਰਤੂਸ ਬਰਾਮਦ ਹੋਏ।
ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਥਾਣਾ ਸੈਕਟਰ-11 ਵਿੱਚ ਕੇਸ ਦਰਜ ਕਰ ਦਿੱਤਾ ਹੈ। ਮਨੀਸ਼ ਨੂੰ ਪਹਿਲਾਂ ਵੀ ਸੱਤ ਸਾਲ ਦੀ ਸਜ਼ਾ ਹੋ ਚੁੱਕੀ ਹੈ, ਜਦਕਿ ਸਨੀ ਵੀ ਲੁੱਟ-ਖੋਹ ਦੇ ਮਾਮਲੇ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਚੰਡੀਗੜ੍ਹ ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਹੈ।