ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਵਰਕਰ ਲਾਭ ਸਿੰਘ (70) ਪੁੱਤਰ ਸੱਦਾ ਸਿੰਘ ਵਾਸੀ ਉੱਭਾਵਾਲ ਨੂੰ ਬੀਤੇ ਕੱਲ੍ਹ ਸਿਹਤ ਵਿਗੜਨ ਕਾਰਨ ਪਿੰਡ ਲਿਆਂਦਾ ਗਿਆ ਜਿਸ ਦੌਰਾਨ ਸ਼ਾਮ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਵਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਸ਼ਹੀਦ ਲਾਭ ਸਿੰਘ ਕੋਲ ਅੱਠ ਏਕੜ ਜ਼ਮੀਨ ਹੈ। ਉਸ ’ਤੇ ਕੋਆਪਰੇਟਿਵ ਸੁਸਾਇਟੀ ਦਾ ਪੰਜ ਲੱਖ ਦੇ ਕਰੀਬ ਕਰਜ਼ਾ ਹੈ। ਉਨ੍ਹਾਂ ਸਰਕਾਰ ਤੋਂ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਦੇਣ, ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ।