ਜੇਬੀ ਸੇਖੋਂ/ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 9 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਥਾਨਕ ਗੜ੍ਹਸ਼ੰਕਰ-ਨੰਗਲ ਰੋਡ ’ਤੇ ਪਿੰਡ ਗੋਂਦਪੁਰ ਵਿੱਚ ਲੱਗੀ ਸਾਬਣ ਬਣਾਉਣ ਵਾਲੀ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਅੱਜ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨਾਲ ਯੂਨੀਅਨ ਦੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾਈ ਆਗੂ ਰੂਪ ਸਿੰਘ ਛੰਨਾ ਤੇ ਤਲਵਿੰਦਰ ਸਿੰਘ ਹੀਰ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਇਸ ਫੈਕਟਰੀ ਵਿਰੁੱਧ ਮਹਿੰਦਵਾਣੀ ਪਿੰਡ ਦੇ ਲੋਕਾਂ ਵੱਲੋਂ ਫੈਕਟਰੀ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਪੰਜਾਬ ਦਾ ਇਹ ਕੰਢੀ ਇਲਾਕਾ ਆਪਣੇ ਜੰਗਲਾਂ ਤੇ ਕੁਦਰਤੀ ਬਨਸਪਤੀ ਕਰਕੇ ਜਾਣਿਆ ਜਾਂਦਾ ਹੈ ਪਰ ਹਿਮਾਚਲ ਪ੍ਰਦੇਸ਼ ਵਿੱਚ ਲੱਗੀਆਂ ਉਦਯੋਗਿਕ ਇਕਾਈਆਂ ਨੇ ਇਸ ਇਲਾਕੇ ਦਾ ਹਵਾ ਪਾਣੀ ਦੂਸ਼ਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦਾ ਪਾਣੀ ਦੂਸ਼ਿਤ ਹੋਣ ਨਾਲ ਲੋਕ ਤੇ ਦੁਧਾਰੂ ਪਸ਼ੂ ਅਨੇਕਾਂ ਬਿਮਾਰੀਆਂ ਦੀ ਲਪੇਟ ’ਚ ਆ ਗਏ ਹਨ ਪਰ ਇਸ ਫੈਕਟਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਗਰਾਹਾਂ ਨੇ ਫੈਕਟਰੀ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਫੈਕਟਰੀ ਵੱਲੋਂ ਇਲਾਕੇ ਦੇ ਹਵਾ ਪਾਣੀ ਨੂੰ ਇਸੇ ਤਰ੍ਹਾਂ ਪਲੀਤ ਕੀਤਾ ਜਾਂਦਾ ਰਿਹਾ ਤਾਂ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇ਼ਠ ਪੱਕਾ ਮੋਰਚਾ ਲਗਾਇਆ ਜਾਵੇਗਾ।