ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 20 ਅਗਸਤ
2364 ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਅੱਜ ਮੁਹਾਲੀ ਸਥਿਤ ਸਿੱਖਿਆ ਭਵਨ ਬਾਹਰ ਰੋਸ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਅੱਜ ਡੀਪੀਆਈ ਦਫ਼ਤਰ ਦੇ ਬਾਹਰ ਪੁੱਜੇ ਅਤੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ। ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨਪ੍ਰੀਤ ਸਿੰਘ, ਹਰਜੀਤ ਸਿੰਘ, ਗੁਰਸੇਵ ਸਿੰਘ, ਗੁਰਸੰਗਤ ਸਿੰਘ, ਗੁਰਜੀਵਨ ਸਿੰਘ, ਜਸਵਿੰਦਰ ਸਿੰਘ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਮਾਰਚ 2020 ਵਿੱਚ 2364 ਈਟੀਟੀ ਅਧਿਆਪਕਾਂ ਦੀ ਭਰਤੀ ਆਈ ਸੀ ਪਰ ਮਾਮਲਾ ਅਦਾਲਤ ਵਿੱਚ ਜਾਣ ਕਾਰਨ ਭਰਤੀ ਪ੍ਰਕਿਰਿਆ ਕਾਫ਼ੀ ਸਮੇਂ ਤੋਂ ਅੱਧ ਵਿਚਾਲੇ ਲਮਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਭਰਤੀ ਪ੍ਰਕਿਰਿਆ ’ਤੇ ਕਿਸੇ ਤਰ੍ਹਾਂ ਦੀ ਕੋਈ ਸਟੇਅ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 20-25 ਦਿਨਾਂ ਤੋਂ ਮੈਰਿਟ ਵਿੱਚ ਆਉਣ ਵਾਲੇ ਸਾਥੀਆਂ ਦੀ ਚੋਣ ਲਿਸਟ ਜਾਰੀ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਹੁਣ ਤੱਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਕਰੀਬ 15 ਤੋਂ 20 ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਮੰਤਰੀ ਹਰੇਕ ਮੀਟਿੰਗ ਵਿੱਚ ਝੂਠੇ ਲਾਰੇ ਲਾ ਕੇ ਘਰ ਨੂੰ ਤੋਰ ਦਿੰਦੇ ਰਹੇ ਹਨ। ਉੱਚ ਅਧਿਕਾਰੀਆਂ ਅਤੇ ਪੁਲੀਸ ਨੇ ਬਾਅਦ ਵਿਚ ਪ੍ਰਦਰਸ਼ਨਕਾਰੀਆਂ ਨੂੰ ਸਮਝਾ ਕੇ ਗੇਟ ਨੂੰ ਲਾਇਆ ਤਾਲਾ ਖੁੱਲ੍ਹਵਾਇਆ।