ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਅਕਤੂਬਰ
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦਾ ਲੜੀਵਾਰ ਧਰਨਾ ਅੱਜ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉੱਧਰ ਇਨਸਾਫ਼ ਪ੍ਰਾਪਤੀ ਲਈ ਸੋਹਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਮਰਨ ਵਰਤ ’ਤੇ ਬੈਠੀ ਮਾਨਸਾ ਦੀ ਬੇਰੁਜ਼ਗਾਰ ਅਧਿਆਪਕਾ ਸਿੱਪੀ ਸ਼ਰਮਾ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਹੈ।
ਇਸ ਮੌਕੇ ਸੂਬਾ ਕਮੇਟੀ ਦੇ ਆਗੂ ਗੁਰਲਾਭ ਸਿੰਘ ਭੋਲਾ, ਮੋਨੂੰ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਕਿਹਾ ਕਿ ਸਿੱਪੀ ਸ਼ਰਮਾ ਹਾਲਤ ਵਿਗੜਨ ਦੇ ਬਾਵਜੂਦ ਮਰਨ ਵਰਤ ਜਾਰੀ ਰੱਖਣ ਲਈ ਬਜ਼ਿੱਦ ਹੈ। ਉਹ ਤਿੰਨ ਦਿਨਾਂ ਤੋਂ ਮਰਨ ਵਰਤ ’ਤੇ ਬੈਠੀ ਹੈ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਨੇ ਪੀਟੀਆਈ ਅਧਿਆਪਕ ਯੂਨੀਅਨ ਦੇ ਮੋਹਰੀ ਆਗੂਆਂ ਦੀ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਤੈਅ ਕਰਵਾਈ ਸੀ। ਸ਼ਾਮ ਛੇ ਵਜੇ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਡੀਜੀਐੱਸਈ ਨਾਲ ਮੀਟਿੰਗ ਹੋਈ ਪਰ ਇਸ ਮੀਟਿੰਗ ਵਿੱਚ ਪਹਿਲਾਂ ਵਾਂਗ ਹੀ ਲਾਰੇ ਲਗਾ ਕੇ ਤੋਰ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਕਿਸੇ ਨਾ ਕਿਸੇ ਬਹਾਨੇ ਟਾਲਣਾ ਚਾਹੁੰਦੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਬੇਰੁਜ਼ਗਾਰ ਅਧਿਆਪਕਾਂ ਦਾ ਕੋਈ ਜਾਨੀ ਨੁਕਸਾਨ ਹੋਇਆ ਹੈ ਤਾਂ ਇਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਅਸ਼ੋਕ ਕੁਮਾਰ ਲਾਧੂਕਾ, ਨੇਹਾ ਭੁੱਲਰ, ਛਿੰਦਰਪਾਲ, ਮਿਲਖੀ, ਭੀਮ, ਨਿਰਮਲ ਸਿੰਘ ਤੇ ਹੋਰ ਹਾਜ਼ਰ ਸਨ।