ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 23 ਅਗਸਤ
ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਪੰਜਾਬ ਦੇ ਮੁੱਖ ਗੇਟ ਦੇ ਬਾਹਰ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਰਿਵਾਈਜ਼ਡ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸੂਬਾ ਕਨਵੀਨਰ ਇੰਦਰਪਾਲ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਤੇ ਸਿੱਖਿਆ ਬੋਰਡ ਲਾਈਟ ਪੁਆਇੰਟ ’ਤੇ ਚੱਕਾ ਜਾਮ ਕੀਤਾ। ਇਸ ਦੌਰਾਨ ਪੁਲੀਸ ਨੇ ਮੁਜ਼ਾਹਰਾਕਾਰੀ ਔਰਤਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉੱਧਰ ‘ਆਪ’ ਆਗੂ ਅਨਮੋਲ ਗਗਨ ਮਾਨ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ ਤੇ ਪਾਰਟੀ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਥਾਣੇ ਦੇ ਬਾਹਰ ਨਾਅਰੇਬਾਜ਼ੀ ਕੀਤੀ ਪਰ ਬਾਅਦ ’ਚ ਪੁਲੀਸ ਨੇ ਗੱਲਬਾਤ ਕਰ ਕੇ ਮਾਮਲਾ ਸੁਲਝਾ ਲਿਆ। ਸ਼ਾਮ ਸਮੇਂ ਮੁਜ਼ਾਹਰਾਕਾਰੀ ਅਧਿਆਪਕਾਵਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਇੰਦਰਪਾਲ ਕੌਰ ਤੇ ਅਮਰਪ੍ਰੀਤ ਕੌਰ ਨੇ ਮੰਗ ਕੀਤੀ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ।
ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਦਫ਼ਤਰ ਘੇਰਿਆ
ਐਸਏਐਸ ਨਗਰ (ਪੱਤਰ ਪ੍ਰੇਰਕ): ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਅੱਜ ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਮੈਂਬਰਾਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਸਾਰੇ ਸਨੈਟੋ ਟਾਈਪਿਸਟ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਏ ਤੇ ਉੱਥੋਂ ਐੱਸਐੱਸਐੱਸ ਬੋਰਡ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਪ੍ਰਧਾਨ ਵਰਿੰਦਰ ਸਿੰਘ ਨੇ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ-ਵੱਖ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਸੀ ਤਾਂ ਕਿ ਇਸ਼ਤਿਹਾਰ ਜਾਰੀ ਕੀਤਾ ਜਾ ਸਕੇ। ਪਰ ਜਦੋਂ ਉਨ੍ਹਾਂ ਨੇ ਬੋਰਡ ਚੇਅਰਮੈਨ ਰਮਨ ਬਹਿਲ ਨੂੰ ਮੰਗ ਪੱਤਰ ਭੇਜ ਕੇ ਨੌਕਰੀ ਦੇਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਇਕ ਨਹੀਂ ਸੁਣੀ।