ਸ਼ਗਨ ਕਟਾਰੀਆ
ਬਠਿੰਡਾ, 20 ਸਤੰਬਰ
ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ‘ਬੇਰੁਜ਼ਗਾਰ ਟੈੱਟ ਪਾਸ ਬੀਐਡ ਅਧਿਆਪਕ ਯੂਨੀਅਨ’ ਨੇ 24 ਸਤੰਬਰ ਨੂੰ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਬਠਿੰਡਾ ਜ਼ਿਲ੍ਹਾ ਦੇ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ‘ਘਰ-ਘਰ ਰੁਜ਼ਗਾਰ’ ਦੇ ਨਾਅਰੇ ਨਾਲ ਹੋਂਦ ਵਿਚ ਆਈ ਕਾਂਗਰਸ ਸਰਕਾਰ ਨੇ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਇੱਕ ਦਫ਼ਾ ਵੀ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਉਲਟਾ ਮੋਤੀ ਮਹਿਲ ਅੱਗੇ ਅਨੇਕਾਂ ਵਾਰ ਲਾਠੀਚਾਰਜ ਕਰ ਕੇ ਬੇਰੁਜ਼ਗਾਰਾਂ ’ਤੇ ਪਰਚੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ 31 ਦਸੰਬਰ 2020 ਤੋਂ ਸੰਗਰੂਰ ਸਥਿਤ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਪੱਕਾ ਮੋਰਚਾ ਨਿਰੰਤਰ ਜਾਰੀ ਹੈ ਅਤੇ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਮੁਨੀਸ਼ ਕੁਮਾਰ ਨਾਂਅ ਦਾ ਬੇਰੁਜ਼ਗਾਰ ਚੜ੍ਹਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਘਿਰਾਓ ਨਾਲ ਨਵਾਂ ਮੋਰਚਾ ਖੋਲ੍ਹਿਆ ਜਾਵੇਗਾ। ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।