ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਦਸੰਬਰ
‘ਆਪ’ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਦ ਰੁੱਤ ਸੈਸ਼ਨ ਨਾ ਸੱਦਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਖੇਤੀ ਕਾਨੂੰਨਾਂ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਚਲਦਿਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਦਬਾਅ ਤੋਂ ਡਰਦੇ ਹੋਏ ਚਰਚਾ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਜਦੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨੇ ਸੰਸਦ ਵਿਚ ਜ਼ਬਰਦਸਤੀ ਕਾਨੂੰਨ ਪਾਸ ਕਰਨੇ ਸਨ ਤਾਂ ਕਰੋਨਾ ਸਮੇਂ ਵੀ ਸੈਸ਼ਨ ਬੁਲਾ ਲਿਆ ਪਰ ਜਦੋਂ ਕਿਸਾਨ ਆਪਣੀ ਹੋਂਦ ਬਚਾਉਣ ਲਈ ਅੰਦੋਲਨ ਕਰ ਰਹੇ ਹਨ ਤਾਂ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ।