ਆਤਿਸ਼ ਗੁਪਤਾ
ਚੰਡੀਗੜ੍ਹ, 20 ਫਰਵਰੀ
ਹਰਿਆਣਾ ਕਿਸਾਨ ਯੂਨੀਅਨ ਦੇ ਪ੍ਰਧਾਨ ਰਣਧੀਰ ਸਿੰਘ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਤਿੰਨ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 50-50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲੇ ’ਤੇ ਵਾਪਰੀ ਘਟਨਾ ਨੂੰ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਗਿਆ ਸੀ ਅਤੇ ਇਸ ਘਟਨਾ ਦੀ ਨਿਰਪੱਖ ਜਾਂਚ ਏਜੰਸੀ ਵੱਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਪੈਂਤੜੇ ਅਪਣਾ ਰਹੀ ਹੈ, ਜਿਸ ਨੇ ਪਹਿਲਾਂ ਅੰਦੋਲਨ ਨੂੰ ਖਾਲਿਸਤਾਨੀ, ਪਾਕਿਸਤਾਨੀ ਅਤੇ ਮਾਉਵਾਦੀਆਂ ਦਾ ਸੰਘਰਸ਼ ਦੱਸਿਆ।
ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਐੱਸਵਾਈਐੱਲ ਦੇ ਨਾਮ ’ਤੇ ਲੜਾਉਣ ਦੀ ਕੋਸ਼ਿਸ਼ ਕੀਤੀ ਤੇ ਫੇਰ ਗਣਤੰਤਰ ਦਿਵਸ ਦੀ ਘਟਨਾ ਨੂੰ ਅੰਜਾਮ ਦਿੱਤਾ। ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਕਿਸੇ ਇਕ ਸੂਬੇ ਜਾਂ ਧਰਮ ਦੇ ਲੋਕਾਂ ਦਾ ਨਹੀਂ ਹੈ, ਇਹ ਜਨ ਅੰਦੋਲਨ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿਸਾਨ ਆਪਣੇ ਹੱਕਾਂ ਦੀ ਰਾਖੀ ਕਰਦਿਆਂ ਤਿੰਨੇ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਤਾਂ ਕੇਂਦਰ ਸਰਕਾਰ ਨੂੰ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਹਰਿਆਣਾ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਜਦੋਂ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਰਥਸ਼ਾਸਤਰੀ ਪ੍ਰੋ. ਰਘਬੀਰ ਚੰਦ ਗੋਇਲ ਅਤੇ ਬਲਜੀਤ ਸਿੰਘ ਵੀ ਹਾਜ਼ਰ ਸਨ।