ਚਰਨਜੀਤ ਭੁੱਲਰ
ਚੰਡੀਗੜ੍ਹ, 3 ਅਪਰੈਲ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਹੁਣ ਬਿਜਲੀ ਸੋਧ ਬਿੱੱਲ ਲਿਆ ਕੇ ਲੁਕਵੇਂ ਏਜੰਡੇ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਮਿਲਦੀ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ‘ਸਬਕ ਸਿਖਾਉਣਾ’ ਚਾਹੁੰਦੀ ਹੈ ਕਿਉਂ ਕਿ ਪੰਜਾਬ ਦੇ ਕਿਸਾਨਾਂ ਨੇ ਸਾਰੇ ਮੁਲਕ ਨੂੰ ਰਾਹ ਦਿਖਾਇਆ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਮਕਸਦ ਬਿਜਲੀ ਸੈਕਟਰ ਵਿਚ ਕੋਈ ਸੁਧਾਰ ਕਰਨਾ ਨਹੀਂ ਹੈ ਬਲਕਿ ਬਿਜਲੀ ਸੋਧ ਬਿੱਲ ਦਾ ਅਸਲ ਮਕਸਦ ਬਿਜਲੀ ਵੰਡ ਦਾ ਕੰਮ ਕਾਰਪੋਰੇਟ ਕੰਪਨੀਆਂ ਨੂੰ ਸੌਂਪਣਾ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਸਿਆਸੀ ਭਵਿੱਖ ਦੀ ਕੋਈ ਫ਼ਿਕਰ ਹੈ ਤਾਂ ਉਹ ਪੰਜਾਬ ਦੇ ਲੋਕਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪੁੱਜਦੀ ਕਰਨ ਦੀ ਹਿੰਮਤ ਵਿਖਾਉਣ।