ਖੇਤਰੀ ਪ੍ਰਤੀਨਿਧ
ਬਰਨਾਲਾ, 14 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ 16 ਤੋਂ 18 ਅਗਸਤ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਅਤੇ ਲੰਪੀ ਸਕਿੱਨ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦਿਵਾਉਣ ਹਿੱਤ ਇੱਥੇ ਤਰਕਸ਼ੀਲ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਮੀਟਿੰਗ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਲਖੀਮਪੁਰ ਖੀਰੀ ਘਟਨਾ ਸਬੰਧੀ ਸਿੱਟ ਰਿਪੋਰਟ ਅਨੁਸਾਰ ਸਹਿ ਮੁਲਜ਼ਮ ਮੰਨੇ ਗਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਆਗੂਆਂ ਨੇ ਅਗਨੀਪਥ ਯੋਜਨਾ ਖ਼ਿਲਾਫ਼ 16 ਅਗਸਤ ਨੂੰ ਡੀਸੀ ਦਫ਼ਤਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਭੇਜਣ, ਲਖੀਮਪੁਰ ਖੀਰੀ ਵਿੱਚ 18 ਅਗਸਤ ਤੋਂ 75 ਘੰਟਿਆਂ ਤੱਕ ਚੱਲਣ ਵਾਲੇ ਪ੍ਰਦਰਸ਼ਨਾਂ ਵਿੱਚ ਸ਼ਿਰਕਤ ਯਕੀਨੀ ਬਣਾਉਣ ਲਈ ਵਿਉਂਤਬੰਦੀ ਕੀਤੀ।