ਚੰਡੀਗੜ੍ਹ: ਭਾਜਪਾ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਦੇ ਆਈਸੀਯੂ ’ਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਨੂੰ ਆਕਸੀਜਨ ’ਤੇ ਰੱਖਿਆ ਗਿਆ ਹੈ। ਕੇਂਦਰੀ ਵਣਜ ਤੇ ਸਨਅਤ ਰਾਜ ਮੰਤਰੀ ਸੋਮ ਪ੍ਰਕਾਸ਼ (72) ਇਸ ਹਫ਼ਤੇ ਕਰੋਨਾ ਪਾਜ਼ੇਟਿਵ ਆਏ ਸਨ। ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ‘ਉਨ੍ਹਾਂ ਦੇ ਫੇਫੜਿਆਂ ’ਚ ਇਨਫੈਕਸ਼ਨ ਹੈ ਅਤੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ ਹੈ।’ ਸਿਹਤ ਵਿਭਾਗ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਬਨੂੜ ਦੇ ਗਿਆਨ ਸਾਗਰ ਹਸਪਤਾਲ ਦਾਖਲ ਸਨ ਤੇ ਬੀਤੇ ਦਿਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। -ਪੀਟੀਆਈ