ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾੜ੍ਹੀ ਸੀਜ਼ਨ ਵਿੱਚ ਕਣਕ ਦੀ ਬਿਜਾਈ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀਏਪੀ ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫਰੀ ਟੈਲੀਫੋਨ ਨੰਬਰ 18001801551 ’ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਡੀਏਪੀ ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਧਾਨ ਸਭਾ ਸਪੀਕਰ ਸ੍ਰੀ ਸੰਧਵਾ ਨੇ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਡੀਏਪੀ ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।