ਪੱਤਰ ਪ੍ਰੇਰਕ
ਚੰਡੀਗੜ੍ਹ, 16 ਸਤੰਬਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚਲੀ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਉੱਚ ਸਿੱਖਿਆ ਪ੍ਰਾਪਤ ਫਾਰਮੇਸੀ ਅਫ਼ਸਰਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਸਬੰਧੀ ਪੰਜਾਬ ਸਰਕਾਰ ਨੂੰ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ 25 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਰੂਰਲ ਫਾਰਮਾਸਿਸਟਾਂ ਦੀ ਇਹ ਮੰਗ ਹੈ ਕਿ ਸਰਕਾਰ ਅਧਿਆਪਕਾਂ ਦੀ ਤਰਜ਼ ’ਤੇ ਵਿਸ਼ਵ ਫਾਰਮਾਸਿਸਟ ਦਿਵਸ ’ਤੇ ਜਾਂ ਪਹਿਲਾਂ ਸਾਰੇ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਨੂੰ ਪੱਕਾ ਕਰਨ ਦਾ ਐਲਾਨ ਕਰੇ। ਸੀਨੀਅਰ ਆਗੂ ਜੋਤ ਰਾਮ ਮਦਨੀਪੁਰ ਨੇ ਕਿਹਾ ਕਿ ਉਹ ਪੰਜਾਬ ਦੇ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਪਿਛਲੇ 16 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਪਰ ਨਿਗੂਣੀ ਤਨਖ਼ਾਹ ਨਾਲ ਉਨ੍ਹਾਂ ਲਈ ਘਰ ਦਾ ਖਰਚਾ ਚਲਾਉਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਉਨ੍ਹਾਂ ਦਾ ਸੋਸ਼ਣ ਕੀਤਾ ਹੀ ਸੀ, ਪਰ ਹੁਣ ਨਵੀਂ ਬਣੀ ‘ਆਪ’ ਸਰਕਾਰ ਤੋਂ ਲਾਈਆਂ ਉਮੀਦਾਂ ਵੀ ਬੁਝਦੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੰਤਰੀ ਨਾਲ ਹੋਈ ਪੈਨਲ ਮੀਟਿੰਗ ’ਚ ਵੀ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ‘ਆਪ’ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਂਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਕਿ ਜੇਕਰ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਸਮੂਹ ਰੂਰਲ ਫਾਰਮੇਸੀ ਅਫ਼ਸਰ ਇਕੱਠੇ ਹੋ ਕੇ ਪੰਚਾਇਤ ਮੰਤਰੀ ਦੇ ਜੱਦੀ ਪਿੰਡ ਜਗਦੇਵ ਕਲਾਂ ਵਿੱਚ ਰੈਲੀ ਕਰਨਗੇ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕੋਠੀ ਅੱਗੇ ਪੱਕਾ ਧਰਨਾ ਲਾਉਣਗੇ।