ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਜਨਵਰੀ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੋਦੀ ਦੀ ਫਿਰੋਜ਼ਪੁਰ ਰੈਲੀ ਲੋਕਾਂ ਦੀ ਸ਼ਮੂਲੀਅਤ ਨਾ ਹੋਣ ਕਰਕੇ ਰੱਦ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਗੁੱਝੀ ਸਾਜਿਸ਼ ਤਹਿਤ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸਲ ਵਿੱਚ ਰੈਲੀ ਦੇ ਰੱਦ ਹੋਣ ਦਾ ਕਾਰਨ ਖ਼ਾਲੀ ਕੁਰਸੀਆਂ ਸਨ। ਡੱਲੇਵਾਲ ਨੇ ਕਿਹਾ ਕਿ ਪੰਜਾਬ ਵਾਸੀ ਇਸ ਗੱਲ ਨੂੰ ਨਹੀਂ ਭੁੱਲੇ ਕਿ ਮੋਦੀ ਸਰਕਾਰ ਕਾਰਨ ਕਿਸਾਨਾਂ-ਮਜ਼ਦੂਰਾਂ ਨੂੰ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ’ਤੇ ਬੈਠਣਾ ਪਿਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਮੂੰਹੋਂ 750 ਤੋਂ ਵੱਧ ਸ਼ਹੀਦ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਲਫ਼ਜ਼ ਨਹੀਂ ਨਿਕਲਿਆ, ਜਿਨ੍ਹਾਂ ਦੇ ਘਰਾਂ ਦੇ ਚਿਰਾਗ ਕੇਂਦਰ ਸਰਕਾਰ ਦੀ ਪੂੰਜੀਪਤੀ ਘਰਾਣਿਆਂ ਨਾਲ ਯਾਰੀ ਨਿਭਾਉਣ ਕਾਰਨ ਬੁਝ ਗਏ।
ਕਿਸਾਨ ਆਗੂ ਨੇ ਕਿਹਾ ਕਿ ਸਕਿਉਰਟੀ ਪੰਜਾਬ ਸਰਕਾਰ ਦਾ ਮੁੱਦਾ ਹੈ, ਇਸ ਲਈ ਪੂਰੇ ਪੰਜਾਬ ਨੂੰ ਬਦਨਾਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਮੋਰਚਾ ਫ਼ਤਹਿ ਹੋਣ ਤੋਂ ਪਹਿਲਾਂ ਜੋ ਮੰਗਾਂ ਲਿਖ਼ਤੀ ਰੂਪ ਵਿੱਚ ਮੰਨੀਆਂ ਸਨ, ਉਨ੍ਹਾਂ ’ਤੇ ਹਾਲੇ ਤੱਕ ਕੋਈ ਅਮਲ ਨਹੀਂ ਕੀਤਾ ਗਿਆ। ਡੱਲੇਵਾਲ ਨੇ ਕਿਹਾ ਲਖੀਮਪੁਰ ਖੀਰੀ ਘਟਨਾ ਸਬੰਧੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਣੀ ਕਮੇਟੀ ਦੀ ਰਿਪੋਰਟ ਤੋਂ ਸਾਫ਼ ਹੋ ਗਿਆ ਹੈ ਕਿ ਅਜੈ ਮਿਸ਼ਰਾ ‘ਟੈਣੀ’ ਦਾ ਲੜਕਾ ਮੁੱਖ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਨਾ ਕਰਨਾ ਵੀ ਪ੍ਰਧਾਨ ਮੰਤਰੀ ਦੇ ਵਿਰੋਧ ਦੀ ਮੁੱਖ ਵਜ੍ਹਾ ਰਹੀ।