ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 13 ਅਕਤੂਬਰ
ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਊਨਾ ਤੇ ਨਵੀਂ ਦਿੱਲੀ ਦਰਮਿਆਨ ਅੱਜ ਸ਼ੁਰੂ ਹੋਈ ਰੇਲ ਗੱਡੀ ‘ਵੰਦੇ ਭਾਰਤ ਐਕਸਪ੍ਰੈੱਸ’ ਦਾ ਆਨੰਦਪੁਰ ਸਾਹਿਬ ਦੇ ਸਟੇਸ਼ਨ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੇਲ ਗੱਡੀ ਨੂੰ ਊਨਾ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ, ਜਿਸ ’ਚ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਸਵਾਰ ਸਨ। ਇਸ ਰੇਲ ਗੱਡੀ ਦਾ ਸ੍ਰੀ ਆਨੰਦਪੁਰ ਸਾਹਿਬ ਪੁੱਜਣ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਹੋਰ ਆਗੂਆਂ ਨੇ ਸਵਾਗਤ ਕੀਤਾ। ਇਹ ਆਗੂ ਇਥੋਂ ਰੇਲ ਵਿੱਚ ਸਵਾਰ ਹੋ ਕੇ ਨਵੀਂ ਦਿੱਲੀ ਪੁੱਜੇ। ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰੀ ਲਾਲਪੁਰਾ ਤੇ ਅਸ਼ਵਨੀ ਸ਼ਰਮਾ ਨੇ ਇਸ ਰੇਲ ਨੂੰ ਚਲਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪੂਰੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰੇਲ ਗੱਡੀ ਪੰਜਾਬ ਦੇ ਆਮ ਲੋਕਾਂ ਅਤੇ ਵਪਾਰੀਆਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗੀ। ਇਸ ਰੇਲ ਗੱਡੀ ਨੂੰ ਦੇਖਣ ਲਈ ਰੇਲਵੇ ਸਟੇਸ਼ਨ ’ਤੇ ਲੋਕਾਂ ਦੀ ਕਾਫੀ ਭੀੜ ਸੀ।
ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਤੇ ਜੀਵਨ ਗੁਪਤਾ, ਸਾਬਕਾ ਕੈਬਨਿਟ ਮੰਤਰੀ ਕੇਵਲ ਢਿੱਲੋਂ ਤੇ ਬਲਬੀਰ ਸਿੰਘ ਸਿੱਧੂ, ਸਾਬਕਾ ਡੀਜੀਪੀ ਸਰਬਜੀਤ ਸਿੰਘ ਵਿਰਕ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਜਤਿੰਦਰ ਅਠਵਾਲ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਰਾਜੇਸ਼ ਚੌਧਰੀ ਤੇ ਐਡਵੋਕੇਟ ਸਤਵੀਰ ਰਾਣਾ ਮੌਜੂਦ ਸਨ।