ਕਰਮਜੀਤ ਸਿੰਘ ਚਿੱਲਾ
ਬਨੂੜ, 9 ਅਗਸਤ
ਥਾਣਾ ਬਨੂੜ ਦੇ ਐੱਸਐੱਚਓ ਬਲਵਿੰਦਰ ਸਿੰਘ ਵੱਲੋਂ ਕਿਸਾਨਾਂ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਕਿਸਾਨ ਆਗੂਆਂ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਤੇ ਪੁਲੀਸ ਅਧਿਕਾਰੀਆਂ ਕੋਲੋਂ ਸਬੰਧਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੰਜ ਦਰਜਨ ਤੋਂ ਵੱਧ ਕਿਸਾਨ ਬਨੂੜ ਦੇ ਖੇਡ ਸਟੇਡੀਅਮ ਵਿੱਚ ਆ ਰਹੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ਼ ਪ੍ਰਦਰਸ਼ਨ ਲਈ ਇਕੱਠੇ ਹੋਏ ਸਨ। ਕਿਸਾਨ ਸ਼ਾਂਤਮਈ ਢੰਗ ਨਾਲ ਸਟੇਡੀਅਮ ਦੇ ਬਾਹਰਵਾਰ ਸੜਕ ਦੇ ਡਿਵਾਈਡਰ ’ਤੇ ਖੜ੍ਹ ਕੇ ਨਾਅਰੇਬਾਜ਼ੀ ਕਰ ਰਹੇ ਸਨ ਪਰ ਥਾਣਾ ਮੁਖੀ ਇਨ੍ਹਾਂ ਧਰਨਾਕਾਰੀਆਂ ਨੂੰ ਸੜਕ ਦੇ ਦੂਜੇ ਪਾਸੇ ਜਾ ਕੇ ਮੁਜ਼ਾਹਰਾ ਕਰਨ ਲਈ ਦਬਾਅ ਪਾ ਰਹੇ ਸਨ। ਥਾਣਾ ਮੁਖੀ ਦੀ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਨਾਲ ਬਹਿਸ ਹੋਈ ਤੇ ਮਗਰੋਂ ਉਨ੍ਹਾਂ ਦਾ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨਾਲ ਤਕਰਾਰ ਹੋਇਆ। ਇਸ ਸਮੇਂ ਥਾਣਾ ਮੁਖੀ ਨੇ ਕਾਫ਼ੀ ਅਸੱਭਿਅਕ ਸ਼ਬਦਾਵਲੀ ਦੀ ਵਰਤੋਂ ਕੀਤੀ, ਜਦੋਂ ਕਿ ਕਿਸਾਨ ਆਗੂ ਪੂਰੇ ਜ਼ਾਬਤੇ ਵਿੱਚ ਰਹੇ। ਦੂਜੇ ਪਾਸੇ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਕੋਈ ਵੀ ਭੱਦੀ ਸ਼ਬਦਾਵਲੀ ਨਾ ਬੋਲੇ ਜਾਣ ਦੀ ਗੱਲ ਆਖੀ ਹੈ।