ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ ਮਹੀਨੇ ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੱਤ ਪੁਲੀਸ ਮੁਲਾਜ਼ਮ, ਦੋ ਮਾਲ ਪਟਵਾਰੀ ਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਮੁਲਜ਼ਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਜਾਂਚਾਂ ਵੀ ਰਜਿਸਟਰ ਕੀਤੀਆਂ ਗਈਆਂ ਹਨ।