ਪਾਲ ਸਿੰਘ ਨੌਲੀ
ਜਲੰਧਰ, 18 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਨਕੋਦਰ ਦੇ ਹੌਲਦਾਰ ਨੂੰ 49 ਹਜ਼ਾਰ ਤੋਂ ਵੱਧ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲੀਸ ਨਾਲ ਸਬੰਧਿਤ ਇਸ ਹੌਲਦਾਰ ਦੀ ਪਛਾਣ ਕੰਵਰਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮ ਨੂੰ ਇੱਥੋਂ ਦੀ ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਲਖਵਿੰਦਰ ਸਿੰਘ ਵਾਸੀ ਪਿੰਡ ਮਦਰੱਸਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਤਰਸ ਦੇ ਆਧਾਰ ’ਤੇ ਨੌਕਰੀ ਦਿਵਾਉਣ ਲਈ ਰਿਸ਼ਵਤ ਮੰਗਣ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।