ਰਮੇਸ਼ ਭਾਰਦਵਾਜ
ਲਹਿਰਾਗਾਗਾ, 31 ਅਗਸਤ
ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ’ ਤਹਿਤ ਇੱਥੋਂ ਦੀ ਨਗਰ ਕੌਂਸਲ ਵੱਲੋਂ 2017 ਤੋਂ 2021 ਤੱਕ ਸ਼ਹਿਰ ’ਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ’ਚ ਹੋਏ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਸਬੰਧੀ ਵਿਜੀਲੈਂਸ ਦੀ ਟੀਮ ਅੱਜ ਲਹਿਰਾਗਾਗਾ ਪਹੁੰਚੀ। ਟੀਮ ਨੇ ਸਮੁੱਚਾ ਰਿਕਾਰਡ ਆਪਣੇ ਕਬਜ਼ੇ ’ਚ ਲੈ ਲਿਆ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 13 ਦੇ ਸੰਦੀਪ ਸਿੰਘ ਵੱਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਨਗਰ ਕੌਂਸਲ ’ਚ 2017 ਤੋਂ 2021 ਤੱਕ ਹੋਏ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਅਨੁਸਾਰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ’ਤੇ ਪੰਜਾਬ ਸਰਕਾਰ ਦੇ ਪੈਸੇ ਦੀ ਕਥਿਤ ਦੁਰਵਰਤੋਂ ਕੀਤੀ ਗਈ ਹੈ। ਸ਼ਿਕਾਇਤਕਰਤਾ ਵੱਲੋਂ ਕੰਮਾਂ ਦਾ ਵੇਰਵਾ ਵੀ ਟੀਮ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ ਵੀ ਲਿਖਤੀ ਰੂਪ ’ਚ ਉਕਤ ਸਮੇਂ ਦੌਰਾਨ ਹੋਏ ਕੰਮਾਂ ’ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀ ਪਾਏ ਜਾਣ ’ਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਜਾਂ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਨਗਰ ਕੌਂਸਲ ਦੀ ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਉਹ ਪਾਰਦਰਸ਼ੀ ਕੰਮ ਕਰਨ ਲਈ ਵਚਨਬੱਧ ਹਨ ਅਤੇ ਵਿਜੀਲੈਂਸ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਮੁਲਜ਼ਮ ਕਾਬੂ
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿੱਚ ਤਾਇਨਾਤ ਕੰਪਿਊਟਰ ਅਪਰੇਟਰ ਲਾਭਪ੍ਰੀਤ ਸਿੰਘ ਨੂੰ 12 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਤੇ ਰਿਕਾਰਡਿੰਗ ਦੇ ਆਧਾਰ ’ਤੇ ਮੁਲਜ਼ਮ ਕੰਪਿਊਟਰ ਅਪਰੇਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਕੰਪਿਊਟਰ ਅਪਰੇਟਰ ਨੇ ਉਸ ਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸ ਦੀ ਮਦਦ ਕਰਨ ਬਦਲੇ 12 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ, ਜੋ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ। ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਨੇ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਫੜਿਆ ਗਿਆ।