ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਪਾਰਟੀ ਦੇ ਆਗੂਆਂ ਖ਼ਿਲਾਫ਼ ਵਿਜੀਲੈਂਸ ਜਾਂਚ ਦੀ ਗੱਲ ਕੋਰੀ ਅਫ਼ਵਾਹ ਹੈ ਅਤੇ ਜ਼ਮੀਨੀ ਪੱਧਰ ’ਤੇ ਇਸ ’ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਪਾਰਟੀ ਵਿਧਾਇਕ ਪਰਗਟ ਸਿੰਘ ਨੂੰ ਨੌਜਵਾਨਾਂ ਦਾ ਆਦਰਸ਼ ਦੱਸਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦਾ ਮੁੱਖ ਏਜੰਡਾ ਲੋਕਾਂ ਨੂੰ ਕੋਵਿਡ ਤੋਂ ਬਚਾਉਣਾ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ। ਇੱਕ ਬਿਆਨ ਵਿਚ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਬਦਲੇ ਦੀ ਰਾਜਨੀਤੀ ਨਹੀਂ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਅਸੂਲ ਰਿਹਾ ਹੈ ਕਿ ਇਹ ਸੰਵਿਧਾਨਕ ਅਦਾਰਿਆਂ ਦਾ ਆਪਣੇ ਨਿੱਜੀ ਹਿੱਤਾਂ ਲਈ ਇਸਤੇਮਾਲ ਨਹੀਂ ਕਰਦੀ ਹੈ ਅਤੇ ਆਪਣੇ ਵਿਧਾਇਕ ਖ਼ਿਲਾਫ਼ ਅਜਿਹਾ ਕਰਨ ਦਾ ਤਾਂ ਸੋਚਿਆ ਵੀ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਇਨ੍ਹਾਂ ਅਫ਼ਵਾਹਾਂ ਵਿਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਕੈਪਟਨ ਸੰਦੀਪ ਸੰਧੂ ਨੇ ਤਾਂ ਆਪ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਪਰਗਟ ਸਿੰਘ ਨੂੰ ਧਮਕੀ ਦੇਣ ਵਾਲਾ ਜਾਂ ਧਮਕੀ ਭਰਿਆ ਕੋਈ ਫੋਨ ਨਹੀਂ ਕੀਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਚ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਪਾਰਟੀ ਦੇ ਅਕਸ ਨੂੰ ਢਾਹ ਲਗਾਉਣ ਵਾਲੀਆਂ ਅਜਿਹੀਆਂ ਕਾਰਵਾਈਆਂ ਦੀ ਜਾਂਚ ਹੋਵੇ। ਉਨ੍ਹਾਂ ਕਿਹਾ ਕਿ ਪਾਰਟੀ ਵਿਧਾਇਕ ਪਰਗਟ ਸਿੰਘ ਸੂਬੇ ਦੇ ਨੌਜਵਾਨਾਂ ਦੇ ਆਦਰਸ਼ ਹਨ ਅਤੇ ਉਨ੍ਹਾਂ ਦੇ ਇਮਾਨਦਾਰ ਅਕਸ ’ਤੇ ਕਿਸੇ ਨੂੰ ਸ਼ੱਕ ਨਹੀਂ ਹੈ।