ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 30 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਖੂਹੀਆਂ ਸਰਵਰ ਵਿੱਚ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਖ਼ਿਲਾਫ਼ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ 1,20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਸਬੰਧੀ ਟੈਕਸ ਕੁਲੈਕਟਰ 50,000 ਰੁਪਏ ਰਿਸ਼ਵਤ ਲੈ ਚੁੱਕਿਆ ਹੈ। ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ ਸਹੀ ਸਾਬਤ ਹੋਏ।