ਮਹਿੰਦਰ ਸਿੰਘ ਰੱਤੀਆਂ
ਮੋਗਾ, 11 ਜਨਵਰੀ
ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਮੋਗਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਸੰਭਾਵਿਤ ਉਮੀਦਵਾਰ ਮਾਲਵਿਕਾ ਸੂਦ ਸੱਚਰ ਅਤੇ ਇਸ ਹਲਕੇ ਤੋਂ ਹਾਕਮ ਧਿਰ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਨੂੰ ਵੀ ਕੋਵਿਡ ਨਿਯਮਾਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਅਦਾਕਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਉਸ ਦੇ ਘਰ ਪੁੱਜੇ ਸਨ ਅਤੇ ਵੱਡਾ ਇਕੱਠ ਹੋਇਆ ਸੀ। ਇਸ ਦੌਰਾਨ ਹਾਕਮ ਧਿਰ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੇ ਘਰ ਵੀ ਉਸ ਦੇ ਸਮਰਥਕਾਂ ਦਾ ਵੱਡਾ ਇਕੱਠ ਹੋਇਆ ਸੀ। ਭਾਜਪਾ ਨੇ ਤਿੰਨ ਦਿਨ ਪਹਿਲਾਂ ਹੀ ਸ਼ਹੀਦੀ ਪਾਰਕ ਵਿੱਚ ਕੋਵਿਡ ਪਾਬੰਦੀਆਂ ਬਾਵਜੂਦ ਵਰਕਰ ਮੀਟਿੰਗ ਕੀਤੀ ਸੀ, ਜਿਸ ਕਰਕੇ ਪਾਰਟੀ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਨੂੰ ਨੋਟਿਸ ਜਾਰੀ ਹੋਇਆ ਹੈ। ਇਸ ਹਲਕੇ ਦੇ ਰਿਟਰਨਿੰਗ ਅਫ਼ਸਰ ਕਮ ਐੱਸਡੀਐੱਮ ਸਤਵੰਤ ਸਿੰਘ ਨੇ ਚੋਣ ਜ਼ਾਬਤੇ ਦੇ ਨੋਟਿਸ ਜਾਰੀ ਕਰਨ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਇਸ ਬਾਰੇ ਅਖਬਾਰਾਂ ਵਿੱਚ ਇਕੱਠ ਦੀਆਂ ਛਪੀਆਂ ਤਸਵੀਰਾਂ ਤੇ ਖਬਰਾਂ ਤੋਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਇਸ ਦੌਰਾਨ ਕੋਈ ਵੀ ਚੋਣ ਬੈਠਕ ਜਾਂ ਰੈਲੀ ਜਾਂ ਵੱਡਾ ਇਕੱਠ ਨਹੀਂ ਕੀਤਾ ਜਾ ਸਕਦਾ।