ਮਨੋਜ ਸ਼ਰਮਾ
ਬਠਿੰਡਾ, 18 ਮਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਵੱਲੋਂ ਐਲਾਨੇ ਪੇਂਡੂ ਕੋਵਿਡ ਫ਼ਤਹਿ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਪਿੰਡ ਪੱਧਰ ’ਤੇ ਲਾਗੂ ਕਰਨ ਲਈ ਰਾਜ ਦੇ ਪਿੰਡਾਂ ਦੇ ਸਰਪੰਚਾਂ ਨਾਲ ਵਰਚੁਅਲ ਗੱਲਬਾਤ ਕੀਤੀ। ਇਸ ਮੌਕੇ ਉਨਾਂ ਨੇ ਪੰਚਾਇਤਾਂ ਨੂੰ ਕੋਵਿਡ ਦੇ ਪਸਾਰ ਨੂੰ ਰੋਕਣ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਵੈਕਸੀਨੇਸ਼ਨ ਕਰਨ ਵਾਲੇ ਪਿੰਡਾਂ ਨੂੰ 10 ਲੱਖ ਰੁਪਏ ਤੱਕ ਦੀ ਸਪੈਸ਼ਲ ਗ੍ਰਾਂਟ ਦੇਣ ਐਲਾਨ ਕੀਤਾ। ਉਨ੍ਹਾਂ ਕਿਹਾ ਕਿਮਹਾਂਮਾਰੀ ਕਾਰਨ ਪਿੰਡ ਵਾਸੀਆਂ ਦੀ ਮੱਦਦ ਲਈ ਪੰਚਾਇਤਾਂ ਆਪਣੇ ਪੱਧਰ ’ਤੇ 5 ਤੋਂ 50 ਲੱਖ ਰੁਪਏ ਤੱਕ ਦਾ ਖ਼ਰਚ ਪੰਚਾਇਤੀ ਫ਼ੰਡ ਵਿਚੋਂ ਕਰ ਸਕਣਗੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਬੀ.ਸ਼੍ਰੀ ਨਿਵਾਸਨ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਚਾਇਤਾਂ ਨੂੰ ਅਪੀਲ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਪਿੰਡ ਮਾਣਕਖ਼ਾਨਾ ਦੀ ਸੂਝਵਾਨ ਤੇ ਦੋ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਵਾਲੀ ਮਹਿਲਾ ਸਰਪੰਚ ਸੈਸ਼ਨਦੀਪ ਕੌਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਲੋਂ ਕਰੋਨਾ ਮਹਾਂਮਾਰੀ ਦੇ ਚੱਲ ਰਹੇ ਭਿਆਨਕ ਦੌਰ ਦੌਰਾਨ ਕੀਤੇ ਜਾ ਰਹੇ ਉਪਰਾਲੇ ਵੀ ਸਾਂਝੇ ਕੀਤੇ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਸਾਫੂਵਾਲਾ ਪੰਚਾਇਤ ਦੀ ਟੀਕਾਕਰਨ ਮੁਹਿੰਮ ਵਿੱਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਮੁਕਤ ਪਿੰਡ ਅਭਿਆਨ‘ ਤਹਿਤ ਸੌ ਫ਼ੀਸਦੀ ਟੀਕਾਕਰਨ ਟੀਚੇ ਨੂੰ ਪ੍ਰਾਪਤ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦਿੱਤੀ ਜਾਵੇਗੀ।ਉਨ੍ਹਾਂ ਪਿੰਡ ਦੇ ਸਰਪੰਚ ਲਖਵੰਤ ਸਿੰਘ, ਪਿੰਡ ਤਲਵੰਡੀ ਭਾਂਗੇਰੀਆ ਦੇ ਸਰਪੰਚ ਰੁਪਿੰਦਰ ਸਿੰਘ, ਪਿੰਡ ਬਹਿਣੀਵਾਲ ਦੇ ਸਰਪੰਚ ਰਣਜੀਤ ਸਿੰਘ ਅਤੇ ਹੋਰਾਂ ਨਾਲ ਆਨਲਾਈਨ ਗੱਲਬਾਤ ਕੀਤੀ। ਉਨ੍ਹਾਂ ਸੂਬੇ ਭਰ ਦੇ ਸਰਪੰਚਾਂ ਨੂੰ ਮਹਾਂਮਾਰੀ ਦੇ ਦਿਨੋਂ ਦਿਨ ਵਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਲਈ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ’ਚ ਯੋਗਦਾਨ ਲਈ ਸੱਦਾ ਦਿੱਤਾ। ਇਸ ਵਾਰ ਲੋਕ ਅਵੇਸਲੇ ਹੋਣ ਕਰਕੇ ਕਰੋਨਾ ਲਾਗ ਦੀ ਦੂਜੀ ਲਹਿਰ ਦਾ ਪਿੰਡਾਂ ਵਿੱਚ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ ਜਦੋਂ ਕਿ ਪਹਿਲੀ ਲਹਿਰ ’ਚ ਪਿੰਡਾਂ ਦਾ ਬਚਾਅ ਰਿਹਾ ਸੀ। ਇਸ ਮੌਕੇ ਡਿਪਟੀ ਕਮਿਸਨਰ ਸੰਦੀਪ ਹੰਸ, ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਹਾਜ਼ਰ ਸਨ।