ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 26 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੁਖਾਵੇਂ ਮਾਹੌਲ ਕਾਰਨ ਸੂਬਾ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਹ ਇੱਥੇ ਇਨਵੈਸਟ ਪੰਜਾਬ ਅਤੇ ਐਸੋਚੈਮ ਵੱਲੋਂ ‘ਵਿਜ਼ਨ ਪੰਜਾਬ’ ਦੇ ਬੈਨਰ ਹੇਠ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ, ‘‘ਮੈਂ ਤੁਹਾਨੂੰ ਨਾ ਸਿਰਫ਼ ਨਿਵੇਸ਼ ਕਰਨ ਸਗੋਂ ਉਦਯੋਗਿਕ ਵਿਕਾਸ ਵਾਸਤੇ ਦੋਵਾਂ ਧਿਰਾਂ ਲਈ ਹਾਂ-ਪੱਖੀ ਮਾਹੌਲ ਸਿਰਜਣ ਵਾਸਤੇ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਾ ਹਾਂ।’’ ਸੂਬੇ ਵਿੱਚ ਨਿਵੇਸ਼ ਲਈ ਸਨਅਤੀ ਕਾਰੋਬਾਰੀਆਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਸੂਬੇ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉੱਭਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸਮਰਪਿਤ ਸਿੰਗਲ ਵਿੰਡੋ ਸਿਸਟਮ ਤੇ ਸਸਤੀ ਬਿਜਲੀ ਦੇ ਰੂਪ ਵਿਚ ਕਾਰਪੋਰੇਟ ਦਿੱਗਜ਼ਾਂ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਨਿਰਮਾਣ ਖੇਤਰ, ਉਦਯੋਗਿਕ ਵਿਕਾਸ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਆਧਾਰ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸਰਕਾਰ ਵੱਲੋਂ ਸ਼ਾਸਨ ਅਤੇ ਆਰਥਿਕ ਖੇਤਰਾਂ ਵਿਚ ਕੀਤੇ ਗਏ ਬੇਮਿਸਾਲ ਸੁਧਾਰ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਉਦਯੋਗਪਤੀਆਂ ਦੀ ਸਭ ਤੋਂ ਪਸੰਦੀਦਾ ਥਾਂ ਬਣ ਕੇ ਉੱਭਰਿਆ ਹੈ। ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਗਰੁੱਪ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਹੋਇਆ ਹੈ ਅਤੇ ਅੱਜ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਲੁਧਿਆਣਾ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਆਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਪੱਤਰ ਸੌਂਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਿਰਵਿਘਨ ਬਿਜਲੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਹਾਇਕ ਸਰਕਾਰੀ ਮਸ਼ੀਨਰੀ, ਹੁਨਰਮੰਦ ਮਜ਼ਦੂਰ ਦਾ ਪੂਲ ਅਤੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚੋਂ ਦੇਸ਼ ਦੇ ਅੰਦਰ ਅਤੇ ਬਾਹਰ ਬਿਹਤਰ ਹਵਾਈ ਸੰਪਰਕ ਪ੍ਰਦਾਨ ਕਰਨ ਲਈ ਟਾਟਾ ਸਕਾਈ, ਵਿਸਤਾਰਾ, ਏਅਰ ਸਕਾਈ ਅਤੇ ਹੋਰ ਏਅਰਲਾਈਨਜ਼ ਨਾਲ ਵਿਚਾਰ-ਵਟਾਂਦਰਾ ਜਾਰੀ ਹੈ। ਇਸ ਤੋਂ ਪਹਿਲਾਂ ਦਰਸ਼ਕਾਂ ਨੇ ਲੁਧਿਆਣਾ ’ਚ 2600 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸਥਾਪਨਾ ਲਈ ਟਾਟਾ ਗਰੁੱਪ ਨਾਲ ਇੱਕ ਸਮਝੌਤੇ ’ਤੇ ਦਸਤਖ਼ਤ ਕਰਨ ਸਮੇਂ ਮੁੱਖ ਮੰਤਰੀ ਲਈ ਖੜ੍ਹੇ ਹੋ ਕੇ ਪੂਰੇ ਉਤਸ਼ਾਹ ਨਾਲ ਤਾੜੀਆਂ ਮਾਰੀਆਂ। ਇਸ ਮੌਕੇ ਉਦਯੋਗਿਕ ਦਿੱਗਜਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪੰਜਾਬੀਆਂ ਦੇ ਉੱਦਮੀ ਹੁਨਰ ਨੂੰ ਹੋਰ ਨਿਖਾਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਮਾਲ ਮੰਤਰੀ ਬ੍ਰਹਮ ਸੰਕਰ ਜਿੰਪਾ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਮੁੱਖ ਸਕੱਤਰ ਵਿਜੈ ਜੰਜੂਆ, ਸੀਈਓ ਇਨਵੈਸਟ ਪੰਜਾਬ ਕਮਲ ਕਿਸ਼ੋਰ ਯਾਦਵ ਹਾਜ਼ਰ ਸਨ।