ਆਤਿਸ਼ ਗੁਪਤਾ
ਚੰਡੀਗੜ੍ਹ, 6 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਸਬੰਧੀ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਰਾਂ ਨੇ ਅੱਜ ਚੰਡੀਗੜ੍ਹ ਸਥਿਤ ਐੱਮਐੱਲਏ ਹੋਸਟਲ ’ਚ ਧਰਨਾ ਦਿੱਤਾ। ਇਸ ਦੌਰਾਨ ਜਦੋਂ ਉਹ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਉਨ੍ਹਾਂ ’ਤੇ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ‘ਆਪ’ ਵਰਕਰ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਿਕ ਕੁਝ ਪਾਰਟੀ ਵਰਕਰ ਰਾਜ ਭਵਨ ਮੂਹਰੇ ਪਹੁੰਚ ਗਏ। ਰਾਜ ਭਵਨ ਅੱਗੇ ਪਹੁੰਚਣ ਵਾਲੇ ਆਗੂਆਂ ਵਿੱਚ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਮਨ ਅਰੋੜਾ ਅਤੇ ਮਾਸਟਰ ਬਲਦੇਵ ਸਿੰਘ ਸਣੇ ਹੋਰ ਕਈ ਆਗੂ ਸ਼ਾਮਲ ਸਨ, ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਅਤੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ‘ਆਪ’ ਵਰਕਰਾਂ ਨੇ ਐੱਮਐੱਲਏ ਹੋਸਟਲ ’ਚ ਇਕੱਠੇ ਹੋ ਕੇ ਰਾਜ ਭਵਨ ਦਾ ਘਿਰਾਓ ਕਰਨ ਲਈ ਜਾਣਾ ਸੀ ਜਿਸ ਬਾਰੇ ਪਤਾ ਲੱਗਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਐੱਮਐੱਲਏ ਹੋਸਟਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ। ਪੁਲੀਸ ਨੇ ‘ਆਪ’ ਵਰਕਰਾਂ ਨੂੰ ਬਾਹਰ ਨਹੀਂ ਜਾਣ ਦਿੱਤਾ। ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮਾਸਟਰ ਬਲਦੇਵ ਸਿੰਘ ਜੈਤੋਂ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਦੀ ਅਗਵਾਈ ਹੇਠ ਵਫ਼ਦ ਐੱਮਐੱਲਏ ਹੋਸਟਲ ਦੇ ਗੇਟ ਵੱਲ ਵਧਿਆ ਤਾਂ ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਬੁਛਾੜਾਂ ਕਾਰਨ ਜ਼ਿਆਦਾਤਰ ਆਗੂਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਜ਼ਖ਼ਮੀ ਹੋ ਗਏ। ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਅਤੇ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ’ਚ ਕਾਬਜ਼ ਭਾਜਪਾ ਆਗੂ ਸੱਤਾ ਦੇ ਨਸ਼ੇ ’ਚ ਅੰਨ੍ਹੇ ਹੋ ਕੇ ਅੰਨਦਾਤਾ ਨੂੰ ਆਪਣੀਆਂ ਗੱਡੀਆਂ ਹੇਠ ਦਰੜਨ ਲੱਗੇ ਹੋਏ ਹਨ, ਜੋ ਸਰਾਸਰ ਗਲਤ ਵਰਤਾਰਾ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪੁਲੀਸ ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸਰਬਜੀਤ ਕੌਰ ਮਾਣੂੰਕੇ ਨੇ ਚੰਡੀਗੜ੍ਹ ਪੁਲੀਸ ਦੇ ਰਵੱਈਏ ਦੀ ਨਿਖੇਧੀ ਕੀਤੀ ਹੈ।