ਚਰਨਜੀਤ ਭੁੱਲਰ
ਚੰਡੀਗੜ੍ਹ, 5 ਅਗਸਤ
ਮਹਿੰਗਾਈ ਦੇ ਮੁੱਦੇ ’ਤੇ ਅੱਜ ਰਾਜ ਭਵਨ ਵੱਲ ਮਾਰਚ ਕਰ ਰਹੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਤੋਂ ਪਹਿਲਾਂ ਇੱਥੇ ਕਾਂਗਰਸ ਭਵਨ ਅੱਗੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਧਰਨਾ ਦਿੱਤਾ। ਧਰਨੇ ਮਗਰੋਂ ਕਾਂਗਰਸੀ ਵਰਕਰ ਨੇ ਰਾਜ ਭਵਨ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਪਹਿਲਾਂ ਹੀ ਬੈਰੀਕੇਡ ਲਾਏ ਹੋਏ ਸਨ।
ਪੁਲੀਸ ਨੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਕੁੱਝ ਸਮੇਂ ਮਗਰੋਂ ਕਾਂਗਰਸੀ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ। ਪੰਜਾਬ ਕਾਂਗਰਸ ਵੱਲੋਂ ਅੱਜ ਮਹਿੰਗਾਈ ਅਤੇ ਜ਼ਰੂਰੀ ਵਸਤਾਂ ’ਤੇ ਜੀਐੱਸਟੀ ਲਗਾਏ ਜਾਣ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਮ ਲੋਕਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਰਹੀ। ਰਾਜਾ ਵੜਿੰਗ ਨੇ ਪੰਜਾਬ ਦੀ ਕਿਸਾਨੀ ਦੀ ਮੰਦਹਾਲੀ ਦੀ ਗੱਲ ਵੀ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਹਿੰਗਾਈ ਨੇ ਆਮ ਬੰਦੇ ਦੀ ਜ਼ਿੰਦਗੀ ਲੀਹੋਂ ਲਾਹ ਦਿੱਤੀ ਹੈ। ਇਸ ਮੌਕੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ, ਸੁਖਜਿੰਦਰ ਸਿੰਘ ਰੰਧਾਵਾ, ਓਮ ਪ੍ਰਕਾਸ਼ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਹੋਰ ਹਾਜ਼ਰ ਸਨ।