ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜਨਵਰੀ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਪਾਣੀ ਦੀ ਕੁਆਲਿਟੀ ਦਾ ਪੱਧਰ ਉੱਚਾ ਚੁੱਕਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਭਰ ਵਿੱਚ ਜਿੰਨੇ ਵੀ ਪ੍ਰਾਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕੇਂਦਰ ਸਰਕਾਰ, ਨਿਰਮਾਤਾ ਕੰਪਨੀਆਂ ਅਤੇ ਫੰਡ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਖਾਸ ਤੌਰ ’ਤੇ ਵਿਸ਼ਵ ਬੈਂਕ ਅਤੇ ਨਾਬਾਰਡ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ। ਮੀਟਿੰਗ ਵਿੱਚ ਜਸਪ੍ਰੀਤ ਤਲਵਾੜ, ਅਮਿਤ ਤਲਵਾੜ, ਪਰਨੀਤ ਸ਼ੇਰਗਿੱਲ ਤੇ ਹੋਰ ਹਾਜ਼ਰ ਸਨ।