ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਆਖਿਆ ਕਿ ਪੰਜਾਬ ਸਰਕਾਰ ਭ੍ਰਿਸ਼ਟ ਲੋਕਾਂ ਦੀਆਂ ਜਾਇਦਾਦਾਂ ਜ਼ਬਤ ਕਰੇਗੀ ਅਤੇ ਉਨ੍ਹਾਂ ਤੋਂ ਪੈਸਾ ਵਾਪਸ ਖ਼ਜ਼ਾਨੇ ਵਿੱਚ ਲਿਆਂਦਾ ਜਾਵੇਗਾ ਜੋ ਲੋਕ ਭਲਾਈ ਦੇ ਕਾਰਜਾਂ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਸਹਿਕਾਰੀ ਵਿਭਾਗ ਵਿਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਕਿਹਾ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਆਗੂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਖ਼ਜ਼ਾਨਾ ਮੰਤਰੀ ਤਾਂ ਨੌਜਵਾਨਾਂ ਅੱਗੇ ਖ਼ਾਲੀ ਖ਼ਜ਼ਾਨੇ ਦੀ ਗੱਲ ਰੱਖਦੇ ਰਹੇ ਜਿਸ ਕਰਕੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਚਲੇ ਗਏ। ਜਦਕਿ ਉਨ੍ਹਾਂ ਨੇ ਡੇਢ ਸਾਲ ਦੌਰਾਨ ਕਦੇ ਵੀ ਖ਼ਜ਼ਾਨਾ ਖ਼ਾਲੀ ਹੋਣ ਦੀ ਗੱਲ ਨਹੀਂ ਆਖੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉੱਤੇ ਹੋਈਆਂ ਹਨ ਅਤੇ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇੱਕੋ-ਇੱਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਇੰਸਪੈਕਟਰਾਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਨਵੇਂ ਭਰਤੀ ਹੋਏ ਅਫ਼ਸਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੇਪਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨਵਿੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ ਵਜੋਂ ਉੱਭਰਿਆ ਹੈ। ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਵਿੇਸ਼ ਹੋਇਆ ਹੈ, ਜਿਸ ਨਾਲ 2.89 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਨਵਿੇਸ਼ ਆਏਗਾ, ਜਿਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।