ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਖ਼ਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਟੁੱਟਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ ਅਤੇ ਇਸ ਫ਼ੈਸਲੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢੇਗਾ। ਇਹ ਐਲਾਨ ਉਨ੍ਹਾਂ ਅੱਜ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬ ਅਤੇ ਹਰਿਆਣਾ ਤੋਂ ਪੁੱਜੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹੁੱਡਾ ਸਰਕਾਰ ਨੇ ਹਰਿਆਣਾ ਵਿੱਚ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਦੇ ਗਠਨ ਲਈ ਕਾਨੂੰਨ ਬਣਾਇਆ ਸੀ ਜਦਕਿ ਪੰਜਾਬ ਦੀ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਨੇ ਅਦਾਲਤ ਵਿੱਚ ਗਲਤ ਦਲੀਲਾਂ ਪੇਸ਼ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਭਾਜਪਾ ਨੇ ਆਪਣੇ ਕਬਜ਼ੇ ਹੇਠ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਹਰਿਆਣਾ ਕਮੇਟੀ ਦੇ ਮਾਮਲੇ ਨੂੰ ਅਦਾਲਤ ਵਿੱਚ ਲਿਜਾਣ ਤੋਂ ਇਲਾਵਾ ਜਨਤਕ ਤੌਰ ’ਤੇ ਵੀ ਲੋਕਤੰਤਰੀ ਤਰੀਕੇ ਨਾਲ ਸੰਘਰਸ਼ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 30 ਸਤੰਬਰ ਨੂੰ ਹੋਣ ਵਾਲੇ ਆਮ ਇਜਲਾਸ ਵਿੱਚ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ ਦਾ ਹਰ ਪੱਧਰ ’ਤੇ ਵਿਰੋਧ ਕਰੇਗੀ।