ਮਨੋਜ ਸ਼ਰਮਾ
ਬਠਿੰਡਾ, 10 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਉਹ ਪੰਜਾਬ ਵਿਚ ਕਿਸਾਨਾਂ ਦੇ ਹਿਤਾਂ ਦੀ ਰਾਖੀ ਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਨਿੱਜੀ ਅਤੇ ਸਿਆਸੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਘੱਟੋ ਘੱਟ ਸਮਰਥਨ ਮੁੱਲ ਵਿਵਸਥਾ ਅਤੇ ਯਕੀਨੀ ਮੰਡੀਕਰਨ ਹੋਵੇ ਜਾਂ ਫਿਰ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੀ ਮੁਫਤ ਖੇਤੀਬਾੜੀ ਬਿਜਲੀ ਸਹੂਲਤ, ਉਹ ਅਤੇ ਉਨ੍ਹਾਂ ਦੀ ਪਾਰਟੀ ਕਦੇ ਵੀ ਸਰਕਾਰ ਨੂੰ ਮੌਜੂਦਾ ਵਿਵਸਥਾ ਨਾਲ ਛੇੜਖਾਨੀ ਕਰਨ ਜਾਂ ਕਿਸਾਨਾਂ ਦੀ ਲੁੱਟ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁਫਤ ਬਿਜਲੀ ਦੀ ਸਹੂਲਤ ਨਾਲ ਕਿਸੇ ਵੀ ਕੀਮਤ ‘ਤੇ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕੇਂਦਰੀ ਆਰਡੀਨੈਂਸਾਂ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਘੱਟੋ ਘੱਟ ਸਮਰਥਨ ਮੁੱਲ ਦੀ ਵਿਵਸਥਾ ਖਤਮ ਹੋ ਜਾਵੇਗੀ।