ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ 31 ਜਨਵਰੀ
ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੀ ਬਰਬਾਦੀ ਕਰਕੇ ਬਹੁਤ ਘੱਟ ਮੁਆਵਜ਼ਾ ਮਿਲਦਾ ਹੈ। ਉਸ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਕਿਸਾਨਾਂ ਨੂੰ ਫਸਲ ਦੀ ਬਰਬਾਦੀ ਦੀ ਗਿਰਦਾਵਰੀ ਤੋਂ ਪਹਿਲਾਂ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੇਮੌਸਮੀ ਬਰਸਾਤ ਕਾਰਨ ਫ਼ਸਲ ਖ਼ਰਾਬ ਹੋਣ ’ਤੇ ਦਿੱਲੀ ਦੇ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦੇ ਚੈੱਕ ਸੌਂਪੇ ਹਨ। ਇਹ ਸਿਸਟਮ ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਵੱਲੋਂ ਲਾਗੂ ਕੀਤਾ ਜਾਵੇਗਾ।
ਸ੍ਰੀ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਤੋਂ ਚੋਣ ਲੜਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਭਦੌੜ ਹਲਕੇ ਤੋਂ ‘ਭਦੌੜ ਦਾ ਪੁੱਤ’ (ਲਾਭ ਸਿੰਘ ਉਗੋਕੇ) ਹੀ ਜਿੱਤੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਚੋਣ ਲੜ ਰਹੇ ਹਨ। ਇਸ ਤੋਂ ਸਾਫ਼ ਹੁੰਦਾ ਹੈ ਕਿ ਚੰਨੀ ਸ੍ਰੀ ਚਮਕੌਰ ਸਾਹਿਬ ਸੀਟ ਤੋਂ ਪੱਕੇ ਤੌਰ ’ਤੇ ਹਾਰ ਰਹੇ ਹਨ।