ਰਵਿੰਦਰ ਰਵੀ/ਨਵਕਿਰਨ ਸਿੰਘ
ਬਰਨਾਲਾ/ਮਹਿਲ ਕਲਾਂ, 19 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਬਰਨਾਲਾ ਦੇ ਆਲੇ ਦੁਆਲੇ ਪਿੰਡਾਂ ਤੋਂ ਇਲਾਵਾ ਮਹਿਲ ਕਲਾਂ ਹਲਕੇ ਵਿੱਚ ‘ਰੋਡ ਸ਼ੋਅ’ ਕੱਢਿਆ। ਮੁੱਖ ਮੰਤਰੀ ਨੇ ਅੱਜ ਪਿੰਡ ਠੀਕਰੀਵਾਲ, ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ, ਮਹਿਲ ਕਲਾਂ, ਮਹਿਲ ਖੁਰਦ, ਪੰਡੋਰੀ, ਕੁਰੜ ਤੋਂ ਇਲਾਵਾ ਪਿੰਡ ਮਨਾਲ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਕਮਾਈ ਖਾਣ ਵਾਲੀਆਂ ਚਿਟ ਫੰਡ ਕੰਪਨੀਆਂ ਦੀਆਂ ਜਾਇਦਾਦਾਂ ਵੇਚ ਕੇ ਪੀੜਤ ਪਰਿਵਾਰਾਂ ਦਾ ਇੱਕ-ਇੱਕ ਪੈਸਾ ਵਾਪਸ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਖ਼ਿਲਾਫ਼ ਟਿੱਪਣੀ ਕਰਦਿਆਂ ਕਿਹਾ, ‘‘ਸੁਖਬੀਰ ਬਾਦਲ ਪੰਜਾਬ ’ਤੇ 25 ਸਾਲ ਰਾਜ ਕਰਨ ਦੀਆਂ ਗੱਲਾਂ ਕਰਦੇ ਸਨ ਪਰ ਹੁਣ ਉਨ੍ਹਾਂ ਕੋਲ ਕੇਵਲ 3 ਵਿਧਾਇਕ ਹਨ। ਅੱਜ ਚੋਣ ਪ੍ਰਚਾਰ ’ਚ ਅਕਾਲੀ ਦਲ ਦੇ ਪੋਸਟਰਾਂ ’ਤੇ ਸੁਖਬੀਰ ਬਾਦਲ ਦੀ ਫੋਟੋ ਵੀ ਨਹੀਂ ਹੈ, ਸਾਰਾ ਟੱਬਰ ਹੀ ਗਾਇਬ ਹੋ ਗਿਆ ਹੈ।’’
ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਭਾਜਪਾ, ਅਕਾਲੀ ਦਲ ਅੰਮ੍ਰਿਤਸਰ ਅਤੇ ਕਾਂਗਰਸ ਨੂੰ ਵੀ ਰਗੜੇ ਲਾਏ। ਸ਼੍ਰੀ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ‘ਚ ਭ੍ਰਿਸ਼ਟਾਚਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਦੇ ਇੱਕ ਮੰਤਰੀ ਨੇ ਭ੍ਰਿਸ਼ਟਾਚਾਰ ਦੀ ਕੋਸ਼ਿਸ਼ ਕੀਤੀ ਸੀ ਤਾਂ ਉਨ੍ਹਾਂ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਬਾਹਰ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਭਾਜਪਾ ਦੀ ਕੇਂਦਰ ਸਰਕਾਰ ਪੂੰਜੀਪਤੀਆਂ ਦੇ ਹਿੱਤ ਪੂਰਦੀ ਹੋਈ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ। ਇਸ ਲਈ ਜ਼ਰੂਰੀ ਹੈ ਕਿ ਸੰਸਦ ਵਿੱਚ ਭਾਜਪਾ ਦੀਆਂ ਇਨ੍ਹਾਂ ਨੀਤੀਆਂ ਤੇ ਫ਼ੈਸਲਿਆਂ ਦਾ ਵਿਰੋਧ ਕਰਨ ਲਈ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਦੀ ਗਿਣਤੀ ਵੱਧ ਹੋਵੇ, ਜਿਸ ਲਈ ਸੰਗਰੂਰ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦਾ ਸਮਰਥਨ ਕਰਨਾ ਜ਼ਰੂਰੀ ਹੈ। ਉਨ੍ਹਾਂ ਅੱਜ ਇਥੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ।
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਉਮੀਦਵਾਰ ਸੰਸਦ ਵਿੱਚ ਜਾ ਕੇ ਦੇਸ਼, ਸੂਬੇ ਅਤੇ ਹਲਕੇ ਦੇ ਲੋਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਣ ਅਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਹਲਕੇ ਅੰਦਰ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਬਣਾਏ ਜਾਣਗੇ।
ਉਨ੍ਹਾਂ ਆਸ ਪ੍ਰਗਟਾਈ ਕਿ ਮਾਲੇਰਕੋਟਲਾ ਦੇ ਵੋਟਰ ਸ੍ਰੀ ਘਰਾਚੋਂ ਨੂੰ ਵੀ ਪੂਰਾ ਸਮਰਥਨ ਦੇਣਗੇ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਡਾ. ਬਲਵੀਰ ਸਿੰਘ ਪਟਿਆਲਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਪਾਰਟੀ ਦੇ ਹੋਰ ਹਲਕਾ ਆਗੂ ਹਾਜ਼ਰ ਸਨ।
ਸੇਵਾ ਸਿੰਘ ਠੀਕਰੀਵਾਲਾ ਦੇਸ਼, ਕੌਮ ਅਤੇ ਮਨੁੱਖੀ ਹੱਕਾਂ ਦੇ ਰਾਖੇ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਅਤੇ ਉਮੀਦਵਾਰ ਗੁਰਮੇਲ ਸਿੰਘ ਨੇ ਪ੍ਰਸਿੱਧ ਪਿੰਡ ਠੀਕਰੀਵਾਲ ਪਹੁੰਚ ਕੇ ਸੇਵਾ ਸਿੰਘ ਠੀਕਰੀਵਾਲਾ ਦੀ ਯਾਦਗਾਰ ’ਤੇ ਮੱਥਾ ਟੇਕ ਕੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ, ‘‘ਸੇਵਾ ਸਿੰਘ ਠੀਕਰੀਵਾਲਾ ਦੇਸ਼, ਕੌਮ ਅਤੇ ਮਨੁੱਖੀ ਹੱਕਾਂ ਦੇ ਰਾਖੇ ਸਨ। ਉਨ੍ਹਾਂ ਸਮਾਜ ਦੇ ਦੱਬੇ ਕੁੱਚਲੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਅਤੇ ਸੰਘਰਸ਼ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ।’’