ਦਿਲਬਾਗ ਸਿੰਘ ਗਿੱਲ
ਅਟਾਰੀ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਥਾਨਕ ਦਾਣਾ ਮੰਡੀ ’ਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪੰਜਾਬ ਮੰਗਦਾ ਜਵਾਬ ਮਿਸ਼ਨ 2022 ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੀ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬਾਰਡਰ ਏਰੀਆ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ ਅਤੇ ਪੰਜਾਬ ਵਿੱਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਜਵਾਬ ਮੰਗਣ ਲਈ ਅੱਜ ਅਟਾਰੀ ’ਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੀ ਤਰੱਕੀ ਦੇ ਚਾਰ ਸਾਲ ਬਰਬਾਦ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਜਿਨ੍ਹਾਂ ਠੇਕੇਦਾਰਾਂ ਵੱਲੋਂ ਆਟਾ-ਦਾਲ ਤੇ ਸ਼ਗਨ ਸਕੀਮ ਦਾ ਪੈਸਾ ਲੁੱਟਿਆ ਗਿਆ ਹੈ, ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਵਾਅਦੇ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਐਸਸੀ ਵਿਦਿਆਰਥੀਆਂ ਦੀ ਕਾਲਜਾਂ ਵਿੱਚ ਪੜ੍ਹਾਈ ਮੁਫ਼ਤ ਹੋਵੇਗੀ ਅਤੇ ਕੈਪਟਨ ਸਰਕਾਰ ਵੱਲੋਂ ਐਸਸੀ ਵਿਦਿਆਰਥੀਆਂ ਦੇ ਬੰਦ ਕੀਤੇ ਵਜ਼ੀਫ਼ੇ ਮੁੜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋਕਾਂ ’ਤੇ ਬਿਜਲੀ ਬਿੱਲਾਂ ਦਾ ਭਾਰੀ ਬੋਝ ਪਾ ਕੇ ਮੁਨਾਫ਼ਾ ਕਮਾਇਆ ਜਾ ਰਿਹਾ ਹੈ ਪਰ ਅਕਾਲੀ ਦਲ ਦੀ ਸਰਕਾਰ ਬਣਨ ਤੇ ਘਰਾਂ ਦੀ ਬਿਜਲੀ ਦੇ ਰੇਟ ਅੱਧੇ ਕੀਤੇ ਜਾਣਗੇ। ਉਨ੍ਹਾਂ ਮਨਰੇਗਾ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸਰਪੰਚਾਂ ਵੱਲੋਂ ਮਨਰੇਗਾ ਫੰਡਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਦੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਾਂਚ ਕਰਵਾਈ ਜਾਵੇਗੀ।