ਦਰਸ਼ਨ ਸਿੰਘ ਸੋਢੀ
ਮੁਹਾਲੀ, 29 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਐਲਾਨ ਕੀਤਾ ਕਿ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦੀਆਂ ਧਰਾਵਾਂ ਤਹਿਤ ਪਰਚੇ ਦਰਜ ਕਰਨ ਲਈ ਛੇਤੀ ਹੀ ਨਵਾਂ ਕਾਨੂੰਨ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਇਹ ਭਰੋਸਾ ਅੱਜ ਉਨ੍ਹਾਂ ਨਾਲ ਮੁਲਾਕਾਤ ਕਰਨ ਵੇਲੇ ਧਾਰਮਿਕ ਜਥੇਬੰਦੀ ‘ਅੱਠੇ ਪਹਿਰ ਟਹਿਲ ਸੇਵਾ ਲਹਿਰ’ ਦੇ ਉੱਚ ਪੱਧਰੀ ਵਫ਼ਦ ਨੂੰ ਦਿੱਤਾ। ਸੰਸਥਾ ਦੇ ਸੰਸਥਾਪਕ ਭਾਈ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੀ ਵਫ਼ਦ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਬੰਧੀ ਮੁੱਖ ਮੰਤਰੀ ਨੂੰ ਮੰਗ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਮੌਜੂਦ ਸਨ।
ਸੰਸਥਾ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਜਿਹਾ ਹੀ ਮੰਗ ਪੱਤਰ ਦਿੱਤਾ। ਇਸ ਤੋਂ ਇਲਾਵਾ ਆਪ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਸਮੇਤ ਹੋਰਨਾਂ ਆਗੂਆਂ ਨੂੰ ਮੰਗ ਪੱਤਰ ਦਿੱਤੇ ਗਏ।
ਇਸ ਮੌਕੇ ਧਰਮਪਾਲ ਸਿੰਘ, ਲਖਵਿੰਦਰ ਸਿੰਘ, ਪਰਵਿੰਦਰ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਲਵਜੋਤ ਸਿੰਘ ਅਤੇ ਸੁਖਜੀਤ ਸਿੰਘ ਹਾਜ਼ਰ ਸਨ।