ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਸਤੰਬਰ
ਉੱਪ ਮੁੱਖ ਮੰਤਰੀ ਓਪੀ ਸੋਨੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਜੀਐੱਸਟੀ ਦੀਆਂ ਦਰਾਂ ਵਿੱਚ ਹੋਏ ਵਾਧੇ ਦਾ ਮਾਮਲਾ ਕੇਂਦਰ ਸਰਕਾਰ ਕੋਲ ਰੱਖਿਆ ਜਾਵੇਗਾ। ਇਹ ਭਰੋਸਾ ਉਨ੍ਹਾਂ ਪੰਜਾਬ ਭਰ ਤੋਂ ਆਈਆਂ ਵਪਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਮੌਕੇ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੱਪੜੇ ਤੇ ਪੈੱਨਾਂ ’ਤੇ ਜੀਐੱਸਟੀ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਆਮ ਲੋਕਾਂ ਤੇ ਵਿਦਿਆਰਥੀਆਂ ’ਤੇ ਮਹਿੰਗਾਈ ਦਾ ਬੋਝ ਹੋਰ ਵੱਧ ਜਾਵੇਗਾ।
ਉਪ ਮੁੱਖ ਮੰਤਰੀ ਨੇ ਅੱਜ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀਆਂ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਇਕਾਈਆਂ ਅਤੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 40 ਟਰੇਡ ਅਤੇ ਉਦਯੋਗਿਕ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਮੰਗ ਕੀਤੀ ਕਿ ਸਰਕਾਰ ਵਪਾਰੀਆਂ ਦੀ ਉਮਰ 60 ਸਾਲ ਤੋਂ ਵੱਧ ਹੋ ਜਾਣ ’ਤੇ ਪੈਨਸ਼ਨ ਲਗਾਈ ਜਾਵੇ ਤੇ ਉਨ੍ਹਾਂ ਦੀ ਮੈਡੀਕਲੇਮ ਪਾਲਿਸੀ ਵੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇੇ ਪੰਜਾਬ ਦੇ ਵਪਾਰੀਆਂ ਨੂੰ ਵੀ ਬਾਰਡਰ ਰੇਂਜ ਹੋਣ ਕਰਕੇ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਸਰਕਾਰ ਵੱਲੋਂ ਵਪਾਰੀਆਂ ’ਤੇ ਲਾਏ ਗਏ ਪ੍ਰੋਫੈਨਸ਼ਲ ਟੈਕਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।