ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਿਤ ਪਟੀਸ਼ਨ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫ਼ੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ’ਤੇ ਕਰਾਰੀ ਚਪੇੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ‘ਦਬਾਅ ਦੀ ਰਾਜਨੀਤੀ’ ਖੇਡ ਰਹੀ ਸੀ ਪਰ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ ਗਰਗ ਨੇ ਕਿਹਾ ਕਿ ਸਾਰੀਆਂ ਅਰਜ਼ੀਆਂ ਸਿਆਸਤ ਤੋਂ ਪ੍ਰੇਰਿਤ ਸਨ। ਇਨ੍ਹਾਂ ਦਾ ਮਕਸਦ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨਾ ਸੀ ਪਰ ਹਾਈ ਕੋਰਟ ਨੇ ਇਨ੍ਹਾਂ ਨੂੰ ਸਬਕ ਸਿਖਾਇਆ। ਉਨ੍ਹਾਂ ਕਿਹਾ ਕਿ ‘ਆਪ’ ਹਮੇਸ਼ਾ ਹੀ ਆਜ਼ਾਦ ਅਤੇ ਨਿਰਪੱਖ ਚੋਣਾਂ ਦੇ ਹੱਕ ਵਿੱਚ ਰਹੀ ਹੈ।