ਪੱਤਰ ਪ੍ਰੇਰਕ
ਕੁੱਪ ਕਲਾਂ, 21 ਅਕਤੂਬਰ
ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀ ਪੈਨਸ਼ਨ ਬਹਾਲ ਕਰਨ ਸਬੰਧੀ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ 2022 ਵਿਧਾਨ ਸਭਾ ਚੋਣਾਂ ਦੌਰਾਨ ਮੈਨੀਫੈਸਟੋ ਵਿੱਚ ਦਰਸਾਇਆ ਗਿਆ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਰੱਖੀ ਕਿ ਇਸ ਸਾਲ ਨਵੇਂ ਭਰਤੀ ਹੋਣ ਵਾਲੇ 1090 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਪਟਵਾਰੀਆਂ ਦਾ ਸਿਖਲਾਈ ਕਾਲ ਡੇਢ ਸਾਲ ਦੀ ਥਾਂ ਇੱਕ ਸਾਲ ਦਾ ਕੀਤਾ ਜਾਵੇਗਾ ਤੇ ਇਸ ਨੂੰ ਸਰਵਿਸ ਦਾ ਹਿੱਸਾ ਮੰਨਿਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਪਟਵਾਰੀਆਂ ਨਾਲ ਕੀਤੇ ਗਏ ਇਸ ਵਾਅਦੇ ਨੂੰ ਵੀ ਛੇਤੀ ਤੋਂ ਛੇਤੀ ਲਾਗੂ ਕੀਤਾ ਜਾਵੇ।