ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਪਰੈਲ
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸੂਬਾ ਤੇ ਦਿੱਲੀ ਸਰਕਾਰ ਵਿਚਾਲੇ ਹੋਏ ਗਿਆਨ ਵੰਡ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ’ਚ ਵੱਡੇ ਪੱਧਰ ’ਤੇ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਇਸ ਸਮਝੌਤੇ ਦਾ ਉਦੇਸ਼ ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਸਿੱਖਿਆ ਅਤੇ ਸਿਹਤ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਸਮਝੌਤੇ ਤੋਂ ਬਾਅਦ ਹੁਣ ਦੋਵੇਂ ਸਰਕਾਰਾਂ ਲੋਕ ਭਲਾਈ ਲਈ ਲੋੜੀਂਦੀਆਂ ਯੋਜਨਾਵਾਂ ਸਾਂਝੀਆਂ ਕਰਨਗੀਆਂ, ਜਿਸ ਨਾਲ ਸਰਕਾਰੀ ਸੇਵਾਵਾਂ ਅਤੇ ਕਲਿਆਣਕਾਰੀ ਯੋਜਨਾਵਾਂ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਧੀਆ ਯੋਜਨਾਵਾਂ ਦਾ ਲਾਭ ਦਿੱਲੀ ਵਾਸੀਆਂ ਨੂੰ ਤੇ ਦਿੱਲੀ ਦੀਆਂ ਵਧੀਆ ਯੋਜਨਾਵਾਂ ਦਾ ਲਾਭ ਪੰਜਾਬ ਵਾਸੀਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੋਵੇਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਤੇ ਸਰਕਾਰੀ ਸਰੋਤਾਂ ਨੂੰ ਨੁਕਸਾਨ ਪਹੁੰਚਾਇਆ ਹੈ।