ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ
ਜਲੰਧਰ/ਆਦਮਪੁਰ ਦੋਆਬਾ, 15 ਨਵੰਬਰ
ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸੀਟਾਂ ਦੀ ਵੰਡ ਸਬੰਧੀ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਸਪਾ ਨੂੰ ਕਮਜ਼ੋਰ ਸੀਟਾਂ ਦਿੱਤੀਆਂ ਗਈਆਂ ਹਨ ਤੇ ਮਜ਼ਬੂਤ ਸੀਟਾਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਲਈ ਰੱਖ ਲਈਆਂ ਹਨ। ਉਹ ਆਦਮਪੁਰ ਵਿਧਾਨ ਸਭਾ ਹਲਕੇ ’ਚ 157.96 ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਚੰਨੀ ਨੇ ਕਿਹਾ ਕਿ ਕਾਂਗਰਸ ਨੇ ਬਹੁਜਨ ਸਮਾਜ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ ਤਾਂ ਫਿਰ ਬਹੁਜਨ ਸਮਾਜ ਪਾਰਟੀ ਦੀ ਹੁਣ ਕੋਈ ਲੋੜ ਨਹੀਂ ਰਹਿ ਜਾਂਦੀ।
ਸ੍ਰੀ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 1996 ਵਿੱਚ ਵੀ ਬਸਪਾ ਨਾਲ ਗੱਠਜੋੜ ਕੀਤਾ ਸੀ। ਬਸਪਾ ਦੀ ਮਦਦ ਨਾਲ ਸੀਟਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਧੋਖਾ ਦੇ ਦਿੱਤਾ ਤੇ 1997 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਗੱਠਜੋੜ ਕਰ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਪੰਜਾਬ ਦਾ ਦਿਲ ਹੈ ਤੇ ਉਹ ਇਸ ਖਿੱਤੇ ਨੂੰ ਬਹੁਤ ਅੱਗੇ ਲਿਜਾਣਾ ਚਾਹੁੰਦੇ ਹਨ। ਇਸੇ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਅਤੇ ਇਸ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇਗਾ ਤੇ ਛੇਤੀ ਹੀ ਇਸ ਸਬੰਧੀ ਤਜਵੀਜ਼ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ।
ਮੁੱਖ ਮੰਤਰੀ ਸ੍ਰੀ ਚੰਨੀ ਨੇ ਮਹਿੰਦਰ ਸਿੰਘ ਕੇਪੀ ਨੂੰ ਇਸ ਹਲਕੇ ਤੋਂ ਸੰਭਾਵੀ ਉਮੀਦਵਾਰ ਵਜੋਂ ਪੇਸ਼ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕੇਪੀ ਨੂੰ ਇਸ ਹਲਕੇ ਤੋਂ ਜਿਤਾ ਕੇ ਭੇਜਣ। ਉਨ੍ਹਾਂ ਹਲਕੇ ਦੇ ਵਿਕਾਸ ਲਈ ਐਲਾਨ ਕੀਤੀ ਗਈ 19 ਕਰੋੜ ਦੀ ਗਰਾਂਟ ਵਿੱਚੋਂ 10 ਕਰੋੜ ਰੁਪਏ ਮਹਿੰਦਰ ਸਿੰਘ ਕੇਪੀ ਦੀ ਤਜਵੀਜ਼ ਅਨੁਸਾਰ ਖਰਚੇ ਜਾਣ ਦਾ ਵੀ ਐਲਾਨ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਨੇ 2009 ਵਿਚ ਵਾਪਰੇ ਵਿਆਨਾ ਕਾਂਡ ’ਚ ਅਦਾਲਤੀ ਕੇਸਾਂ ਦਾ ਸਾਹਮਣਾ ਕਰ ਰਹੇ ਦਲਿਤ ਵਰਗ ਦੇ ਨੌਜਵਾਨਾਂ ਦੇ ਕੇਸ ਵਾਪਸ ਲੈਣ ਲਈ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ।
ਮੁਲਾਜ਼ਮਾਂ ਦਾ ਵਫ਼ਦ ਚੰਨੀ ਨੂੰ ਮਿਲਿਆ
ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਮਿੱਡ ਡੇਅ ਮੀਲ ਦਫ਼ਤਰੀ ਕਰਮਚਾਰੀਆਂ ਦਾ ਵਫ਼ਦ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਥੇ ਮਿਲਿਆ। ਯੂਨੀਅਨ ਦੇ ਆਗੂਆਂ ਨੇ ਕਿਹਾ ਸਰਕਾਰ ਵੱਲੋਂ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਕੰਮ ਕਰਦੇ 8886 ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ, ਪਰ ਦਫਤਰੀ ਕਰਮਚਾਰੀਆਂ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਉਕਤ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਰਕਾਰ ਨੇ ਵਿਧਾਨ ਸਭਾ ਵਿੱਚ ਐਕਟ ਪਾਸ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ।