ਚੰਡੀਗੜ੍ਹ, 3 ਮਈ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਪੰਜਾਬ ਭਰ ਵਿੱਚ ਕਣਕ ਦੀ ਆਮਦ ਵਿੱਚ ਭਾਰੀ ਗਿਰਾਵਟ ਦੇ ਮੱਦੇਨਜ਼ਰ ਮੰਡੀਆਂ ਵਿੱਚ ਫਸਲ ਦੀ ਖਰੀਦ ਦਾ ਕੰਮ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ। ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ ਕਣਕ ਖਰੀਦ ਪ੍ਰਬੰਧਾਂ ਲਈ 5 ਮਈ ਤੋਂ ਪੜਾਅਵਾਰ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲਣ ਵਾਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜ੍ਹਤੀਆਂ (ਕਮਿਸ਼ਨ ਏਜੰਟਾਂ), ਮਜ਼ਦੂਰਾਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਰੀਦ ਦੀ ਰਫ਼ਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਦੀ ਤੇਜ਼ੀ ਨਾਲ ਵੰਡ ’ਤੇ ਤਸੱਲੀ ਪ੍ਰਗਟਾਈ।